ਭਾਰਤ ਮੰਡਪਮ ਵਿਖੇ ਸਮਾਗਮ ’ਚ ਸ਼ਾਮਲ ਹੋਏ ਪ੍ਰਧਾਨ ਮੰਤਰੀ

ਭਾਰਤ ਮੰਡਪਮ ਵਿਖੇ ਸਮਾਗਮ ’ਚ ਸ਼ਾਮਲ ਹੋਏ ਪ੍ਰਧਾਨ ਮੰਤਰੀ


ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 26 ਦਸੰਬਰ
ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੌਕੇ ਅੱਜ ਵੱਖ-ਵੱਖ ਥਾਈਂ ਸਮਾਗਮ ਕਰਵਾਏ ਗਏ। ਇਸ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂਘਰਾਂ ’ਚ ਪਹੁੰਚ ਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਜਦਾ ਕੀਤਾ। ਇਸ ਦੌਰਾਨ ਗੁਰੂਘਰਾਂ ’ਚ ਸਾਰਾ ਦਿਨ ਗੁਰਬਾਣੀ ਕੀਰਤਨਾਂ ਦਾ ਪ੍ਰਵਾਹ ਚੱਲਿਆ।

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਲੰਗਰ ਵਰਤਾਉਂਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ। -ਫੋਟੋ: ਏਐੱਨਆਈ, 

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਅੱਜ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਅੱਜ ਕੇਂਦਰ ਸਰਕਾਰ ਵੱਲੋਂ ਵੀਰ ਬਾਲ ਦਿਵਸ ਵੀ ਮਨਾਇਆ ਗਿਆ। ਕੇਂਦਰੀ ਮੰਤਰੀ ਠਾਕੁਰ ਦਾ ਗੁਰਦੁਆਰਾ ਸਾਹਿਬ ਵਿਖੇ ਸਿੱਖ ਰਵਾਇਤਾਂ ਮੁਤਾਬਕ ਸਵਾਗਤ ਕੀਤਾ ਗਿਆ। ਅਨੁਰਾਗ ਠਾਕੁਰ ਨੇ ਗੁਰੂ ਦੇ ਲੰਗਰ ਵਿੱਚ ਜਾ ਕੇ ਸੇਵਾ ਵੀ ਕੀਤੀ। ਇਸੇ ਦੌਰਾਨ ਦਿੱਲੀ ਦੇ ਵੱਖ ਵੱਖ ਗੁਰੂ ਹਰਕਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਨੇ ਮੁੱਖ ਸਮਾਗਮ ਦੌਰਾਨ ਸ਼ਿਰਕਤ ਕੀਤੀ ਅਤੇ ਕਈ ਵਿਦਿਆਰਥੀਆਂ ਨੇ ਗੱਤਕੇ ਦੇ ਜੌਹਰ ਦਿਖਾਏ ਜਿਸ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸ਼ਲਾਘਾ ਕੀਤੀ।
ਇਸ ਤੋਂ ਇਲਾਵਾ ਕੇਂਦਰੀ ਗੁਰੂ ਸਿੰਘ ਸਭਾ ਵੱਲੋਂ ਧਰਮ, ਸੱਭਿਆਚਾਰ, ਕੌਮ ਅਤੇ ਜੀਵਨ ਦੀਆਂ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਦੇ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਨੂੰ ਸਮਰਪਿਤ ਸਮਾਗਮ ਗੁਰਦੁਆਰਾ ਗੁਰੂ ਸਿੰਘ ਸਭਾ ਭੋਗਲ ਜੰਗਪੁਰਾ ਵਿਖੇ ਕਰਵਾਇਆ ਗਿਆ। ਇਸ ਮੌਕੇ ਭਾਜਪਾ ਦੇ ਕਈ ਆਗੂ ਸ਼ਾਮਲ ਹੋਏ ਜਿਨ੍ਹਾਂ ਵਿੱਚ ਡਾ: ਰਾਧਾ ਮੋਹਨ ਅਗਰਵਾਲ, ਬੈਜਯੰਤ ਜੈ ਪਾਂਡਾ, ਦਿੱਲੀ ਪ੍ਰਧਾਨ ਵਰਿੰਦਰ ਸਚਦੇਵਾ, ਜਿਲ੍ਹਾ ਪ੍ਰਧਾਨ ਧਾਮਾਤੈ ਤਰਵਿੰਦਰ ਸਿੰਘ ਹਾਜ਼ਰ ਸਨ। ਬੱਚਿਆਂ ਵੱਲੋਂ ਸਮਾਗਮ ਮੌਕੇ ਕਰਵਾਏ ਗਏ ਕੀਰਤਨ ਪ੍ਰੋਗਰਾਮ ਨੂੰ ਸੰਗਤ ਨੇ ਸਰਵਣ ਕੀਤਾ।

ਭਾਰਤ ਮੰਡਪਮ ਵਿੱਚ ਸਮਾਗਮ ਮੌਕੇ ਸ਼ਬਦ ਕੀਰਤਨ ਕਰਦੇ ਹੋਏ ਬੱਚੇ। -ਫੋਟੋ: ਏਐੱਨਆਈ

ਅਰੁਣ ਸਿੰਘ ਨੇ ਦੱਸਿਆ ਕਿ ਛੋਟੇ ਸਾਹਿਬਜ਼ਾਦੇ ਜ਼ੋਰਾਵਰ ਸਿੰਘ ਅਤੇ ਫਤਹਿ ਸਿੰਘ ਨੇ ਧਰਮ ਪਰਿਵਰਤਨ ਖਿਲਾਫ ਸ਼ਹੀਦੀ ਪਾਈ। ਵਰਿੰਦਰ ਸਚਦੇਵਾ ਨੇ ਦੱਸਿਆ ਕਿ ਇਹ ਇਤਿਹਾਸ ਸਭ ਤੋਂ ਵੱਡੀ ਕੁਰਬਾਨੀ ਸੀ ਕਿ ਦੋਵੇਂ ਛੋਟੇ ਸਾਹਿਬਜ਼ਾਦੇ ਸ਼ਹੀਦ ਹੋਏ ਪਰ ਉਹ ਆਪਣੇ ਧਰਮ ਅਤੇ ਵਿਸ਼ਵਾਸ ‘ਤੇ ਪੱਕੇ ਸਨ, ਉਨ੍ਹਾਂ ਨੇ ਆਪਣਾ ਧਰਮ ਨਹੀਂ ਛੱਡਿਆ।
ਫਰੀਦਾਬਾਦ (ਕੁਲਵਿੰਦਰ ਕੌਰ): ਕੇਂਦਰੀ ਊਰਜਾ ਭਾਰੀ ਉਦਯੋਗ ਰਾਜ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨੇ ਵੀਰ ਬਾਲ ਦਿਵਸ ਮੌਕੇ ਸੈਕਟਰ-28 ਸਥਿਤ ਸਰਕਾਰੀ ਮਾਡਲ ਸੰਸਕ੍ਰਿਤੀ ਸਕੂਲ ਵਿੱਚ ਪ੍ਰੋਗਰਾਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਹਿ ਸਿੰਘ ਦੀ ਕੁਰਬਾਨੀ ਨੂੰ ਨਮਨ ਕੀਤਾ। ਇਸ ਮੌਕੇ ਕੇਂਦਰੀ ਰਾਜ ਮੰਤਰੀ ਨੇ ਕਿਹਾ ਕਿ ਅੱਜ ਸੱਚਾ ਵੀਰ ਬਾਲ ਦਿਵਸ ਹੈ। ਇਸ ਦਿਨ ਇੱਕ ਪੂਰੇ ਪਰਿਵਾਰ ਨੇ ਇੱਕ ਹਫ਼ਤੇ ਦੇ ਅੰਦਰ ਦੇਸ਼, ਧਰਮ ਸੱਭਿਆਚਾਰ ਲਈ ਆਪਣੀ ਜਾਨ ਲੇਖੇ ਲਾ ਦਿੱਤੀ। ਗੁੱਜਰ ਨੇ ਕਿਹਾ, ‘‘ਤੁਸੀਂ ਸਾਰਿਆਂ ਨੇ ਸਾਹਿਬਜ਼ਾਦਿਆਂ ਦੀ ਕੁਰਬਾਨੀ ‘ਤੇ ਕਵਿਤਾ ਜ਼ਰੂਰ ਪੜ੍ਹੀ ਹੋਵੇਗੀ। ਉਨ੍ਹਾਂ ਨੇ ਆਪਣਾ ਧਰਮ ਨਹੀਂ ਬਦਲਿਆ, ਸਿਧਾਂਤਾਂ ਨਾਲ ਸਮਝੌਤਾ ਨਹੀਂ ਕੀਤਾ।’’

ਦਸਮੇਸ਼ ਪਿਤਾ ਨੇ ਦੇਸ਼ ਤੇ ਧਰਮ ਦੀ ਖਾਤਰ ਸਰਬੰਸ ਵਾਰਿਆ: ਖੱਟਰ

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਤੇ ਪਤਵੰਤੇ।

ਕੁਰੂਕਸ਼ੇਤਰ (ਸਰਬਜੋਤ ਸਿੰਘ ਦੁੱਗਲ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਗੁਰੂ ਸਾਹਿਬਾਨ ਨੇ ਦੇਸ਼, ਸਮਾਜ ਅਤੇ ਧਰਮ ਦੀ ਰੱਖਿਆ ਲਈ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਸਦਕਾ ਅੱਜ ਦੇਸ਼ ਵਾਸੀ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਨ। ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਸਮਾਜ ਅਤੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਮੰਗਲਵਾਰ ਨੂੰ ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੂਕਸ਼ੇਤਰ ਵਿਖੇ ਭਾਜਪਾ ਦੇ ਸੂਬਾਈ ਪ੍ਰਧਾਨ ਅਤੇ ਸਾਂਸਦ ਨਾਇਬ ਸਿੰਘ ਸੈਣੀ ਵੱਲੋਂ ਵੀਰ ਬਾਲ ਦਿਵਸ ਮੌਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਭਾਜਪਾ ਦੇ ਸੂਬਾਈ ਪ੍ਰਧਾਨ ਅਤੇ ਸੰਸਦ ਮੈਂਬਰ ਨਾਇਬ ਸਿੰਘ ਸੈਣੀ, ਮੰਤਰੀ ਸੰਦੀਪ ਸਿੰਘ, ਵਿਧਾਇਕ ਸੁਭਾਸ਼ ਸੁਧਾ, ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਸੰਧ ਨੇ ਖ਼ੂਨਦਾਨ ਕੈਂਪ ਦਾ ਉਦਘਾਟਨ ਕੀਤਾ। ਖੂਨਦਾਨ ਕੈਂਪ ਵਿੱਚ 324 ਯੂਨਿਟ ਖੂਨ ਇਕੱਤਰ ਕੀਤਾ ਗਿਆ। ਇਸ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਨੇ ਛੋਟੇ ਸਾਹਿਬਜ਼ਾਦੇ ਬਾਬਾ ਫਤਹਿ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਗੁਰੂ ਸਾਹਿਬਾਨ ਦੀਆਂ ਕੁਰਬਾਨੀਆਂ ’ਤੇ ਆਧਾਰਿਤ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨਾਂ ਵਿਚ ਮੱਥਾ ਟੇਕਿਆ। ਇੱਥੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਤੇ ਹੋਰਨਾਂ ਨੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਕਿਰਪਾਨ ਅਤੇ ਸਿਰੋਪਾਓ ਭੇਟ ਕੀਤਾ। ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ, ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਗੁਰੂ ਸਾਹਿਬਾਨ ਵੱਲੋਂ ਧਰਮ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਖੁੱਲ੍ਹੀ ਹਵਾ ਵਿੱਚ ਸਾਹ ਲੈ ਰਹੇ ਹਾਂ।’’ ਉਨ੍ਹਾਂ ਕਿਹਾ ਕਿ ਮੁਗ਼ਲ ਹਾਕਮਾਂ ਦੇ ਜ਼ੁਲਮਾਂ ​​ਖ਼ਿਲਾਫ਼ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਨੇ ਜੰਗ ਵਿੱਚ ਆਪਣੇ ਦੋ ਸਾਹਿਬਜ਼ਾਦਿਆਂ ਦੀ ਕੁਰਬਾਨੀ ਦਿੱਤੀ ਅਤੇ ਦੋ ਸਾਹਿਬਜ਼ਾਦਿਆਂ ਨੇ ਖੁਦ ਨੂੰ ਦੀਵਾਰ ਵਿੱਚ ਚਿਣਵਾ ਕੇ ਧਰਮ ਅਤੇ ਕੌਮ ਲਈ ਕੁਰਬਾਨੀ ਦਿੱਤੀ। ਸੰਸਦ ਮੈਂਬਰ ਨਾਇਬ ਸਿੰਘ ਸੈਣੀ ਨੇ ਕਿਹਾ ਕਿ 26 ਦਸੰਬਰ ਦਾ ਦਿਨ ਪੂਰੇ ਦੇਸ਼ ਵਿੱਚ ਵੀਰ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਹੈ। ਗੁਰੂ ਸਾਹਿਬਾਨ ਨੇ ਦੇਸ਼ ਅਤੇ ਸਮਾਜ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ। ਵਿਧਾਇਕ ਸੁਭਾਸ਼ ਸੁਧਾ ਨੇ ਕਿਹਾ ਕਿ ਇਸ ਪ੍ਰੋਗਰਾਮ ਰਾਹੀਂ ਦੇਸ਼ ਦੀ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬਾਨ ਦੀ ਸ਼ਹਾਦਤ ਬਾਰੇ ਜਾਣਨ ਅਤੇ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਦਾ ਮੌਕਾ ਮਿਲੇਗਾ। ਪ੍ਰੋਗਰਾਮ ਵਿੱਚ ਹਰਿਆਣਾ ਕਮੇਟੀ ਮੈਂਬਰ ਬਾਬਾ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਾਨੂੰ ਸਾਹਿਬਜ਼ਾਦਿਆਂ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।

The post ਭਾਰਤ ਮੰਡਪਮ ਵਿਖੇ ਸਮਾਗਮ ’ਚ ਸ਼ਾਮਲ ਹੋਏ ਪ੍ਰਧਾਨ ਮੰਤਰੀ appeared first on punjabitribuneonline.com.



Source link