
ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੰਵਿਧਾਨ ਦਿਵਸ ਮਨਾ ਰਹੇ ਕਰੋੜਾਂ ਭਾਰਤੀਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸੰਵਿਧਾਨ ਸਾਡੇ ਲੋਕਾਂ ਦੀ ਸਾਲਾਂ ਦੀ ਤਪੱਸਿਆ, ਕੁਰਬਾਨੀ, ਲਿਆਕਤ, ਤਾਕਤ ਅਤੇ ਯੋਗਤਾ ਦਾ ਸਿੱਟਾ ਹੈ। ਬਿਰਲਾ ਨੇ ਕਿਹਾ, “ਮੈਂ ਅੱਜ ਸੰਵਿਧਾਨ ਦਿਵਸ ਮਨਾ ਰਹੇ ਕਰੋੜਾਂ ਭਾਰਤੀਆਂ ਨੂੰ ਵਧਾਈ ਦਿੰਦਾ ਹਾਂ। ਅੱਜ ਤੋਂ 75 ਸਾਲ ਪਹਿਲਾਂ ਇਸ ਦਿਨ ਸਾਡੇ ਸੰਵਿਧਾਨ ਨੂੰ ਸੰਹਿਤਾਬੱਧ (codify) ਕੀਤਾ ਗਿਆ ਸੀ। ਰਾਸ਼ਟਰਪਤੀ ਦੀ ਅਗਵਾਈ ਵਿੱਚ ਅੱਜ ਪੂਰਾ ਦੇਸ਼ ਮਿਲ ਕੇ ਸੰਵਿਧਾਨ ਪ੍ਰਤੀ ਸ਼ੁਕਰਗੁਜ਼ਾਰੀ ਜ਼ਾਹਰ ਕਰ ਰਿਹਾ ਹੈ। ਅੱਜ ਦੇ ਦਿਨ ਕਰੋੜਾਂ ਦੇਸ਼ਵਾਸੀ ਸੰਵਿਧਾਨ ਦੀ ਪ੍ਰਸਤਾਵਨਾ ਦਾ ਪਾਠ ਕਰ ਕੇ ਮੁਲਕ ਨੂੰ ਅਗਾਂਹ ਲਿਜਾਣ ਦਾ ਅਹਿਦ ਕਰਨਗੇ। ਪ੍ਰਧਾਨ ਮੰਤਰੀ ਮੋਦੀ ਦੀ ਪ੍ਰੇਰਨਾ ਨਾਲ ਸਾਲ 2015 ਵਿਚ ਅਸੀਂ 26 ਨਵੰਬਰ ਨੂੰ ਸੰਵਿਧਾਨ ਦਿਵਸ ਵਜੋਂ ਮਨਾਉਣ ਦਾ ਇਤਿਹਾਸਕ ਫੈਸਲਾ ਲਿਆ ਹੈ। ਇਹ ਸੰਵਿਧਾਨ ਸਾਡੇ ਲੋਕਾਂ ਦੀ ਸਾਲਾਂ ਦੀ ਤਪੱਸਿਆ, ਕੁਰਬਾਨੀ, ਲਿਆਕਤ, ਤਾਕਤ ਅਤੇ ਯੋਗਤਾ ਦਾ ਨਤੀਜਾ ਹੈ। ਕਰੀਬ 3 ਸਾਲਾਂ ਦੀ ਮਿਹਨਤ ਤੋਂ ਬਾਅਦ ਉਨ੍ਹਾਂ ਨੇ ਦੇਸ਼ ਦੀਆਂ ਭੂਗੋਲਿਕ ਅਤੇ ਸਮਾਜਿਕ ਵੰਨਸੁਵੰਨਤਾਵਾਂ ਤੇ ਅਨੇਕਤਾਵਾਂ ਨੂੰ ਇੱਕ ਧਾਗੇ ਵਿੱਚ ਬੰਨ੍ਹਣ ਵਾਲਾ ਇੱਕ ਸੰਵਿਧਾਨ ਬਣਾਇਆ।’’
ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਹੋਰ ਨੇਤਾਵਾਂ ਨੇ ਸੰਵਿਧਾਨ ਸਦਨ ‘ਚ ਸੰਵਿਧਾਨ ਦਿਵਸ ਸਮਾਰੋਹ ‘ਚ ਸ਼ਿਰਕਤ ਕੀਤੀ।
ਇਹ ਸਮਾਗਮ 26 ਨਵੰਬਰ, 1949 ਨੂੰ ਸੰਵਿਧਾਨ ਸਭਾ ਦੁਆਰਾ ਸੰਵਿਧਾਨ ਨੂੰ ਅਪਣਾਏ ਜਾਣ ਨੂੰ ਚੇਤੇ ਕਰਾਉਂਦਾ ਹੈ ਅਤੇ ਅੱਜ ਇਸ ਇਤਿਹਾਸਕ ਦਿਹਾੜੇ ਦੀ 75ਵੀਂ ਵਰ੍ਹੇਗੰਢ ਮਨਾਈ ਗਈ। ਸੰਵਿਧਾਨ ਰਸਮੀ ਤੌਰ ‘ਤੇ 26 ਜਨਵਰੀ, 1950 ਨੂੰ ਲਾਗੂ ਹੋਇਆ ਸੀ। -ਏਐਨਆਈ
The post Constitution Day: ਰਾਸ਼ਟਰਪਤੀ ਮੁਰਮੂ ਨੇ ਯਾਦਗਾਰੀ ਸਿੱਕਾ ਤੇ ਟਿਕਟ ਜਾਰੀ ਕਰਦਿਆਂ ਕਿਹਾ: ‘ਸਾਡਾ ਸੰਵਿਧਾਨ ਇਕ ਜ਼ਿੰਦਾ-ਜਾਗਦਾ ਦਸਤਾਵੇਜ਼’ appeared first on Punjabi Tribune.









