Rajvir jawanda death: “ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ”
– ਰਾਜਵੀਰ ਜਵੰਦਾ ਦੀ ਮੌਤ ‘ਤੇ ਮੁੱਖ ਮੰਤਰੀ ਮਾਨ ਨੇ ਸਾਂਝੀ ਕੀਤੀ ਭਾਵੁਕ ਪੋਸਟ
ਚੰਡੀਗੜ੍ਹ, 8 ਅਕਤੂਬਰ 2025 (ਵਿਸ਼ਵ ਵਾਰਤਾ) – ਪੰਜਾਬ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਹੁਣ ਇਸ ਦੁਨੀਆ ਵਿਚ (Rajvir jawanda death) ਨਹੀਂ ਰਹੇ। ਜਿਵੇਂ ਹੀ ਇਹ ਖਬਰ ਸਾਹਮਣੇ ਆਈ ਉਨ੍ਹਾਂ ਦੇ ਚਾਹੁਣ ਵਾਲਿਆਂ ਵਿਚ ਸੋਗ ਦੀ ਲਹਿਰ ਦੌੜ ਗਈ। ਰਾਜਵੀਰ ਜਵੰਦਾ ਦੀ ਮੌਤ ਦੀ ਖਬਰ ਨਾਲ ਜਿਥੇ ਪਾਲੀਵੁੱਡ ਜਗਤ ਨੂੰ ਵੱਡਾ ਸਦਮਾ ਲੱਗਾ ਹੈ, ਉਥੇ ਹੀ ਸਿਆਸੀ ਹਸਤੀਆਂ ਵੱਲੋਂ ਵੀ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਵੀਰ ਜਵੰਦਾ ਦੇ ਬੇਵਕਤੀ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ “ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ। ਛੋਟੀ ਉਮਰ ‘ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ ‘ਚ ਨਿਵਾਸ ਦੇਣ ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।”
ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ “ਆਪਣੇ ਗੀਤਾਂ ਤੇ ਆਵਾਜ਼ ਨਾਲ ਲੋਕ ਦਿਲਾਂ ‘ਤੇ ਰਾਜ ਕਰਨ ਵਾਲਾ ਰਾਜਵੀਰ ਜਵੰਦਾ ਅੱਜ ਜ਼ਿੰਦਗੀ ਦੀ ਜੰਗ ਹਾਰ ਗਿਆ… ਪੰਜਾਬੀ ਮਾਂ ਬੋਲੀ ਦੇ ਮਾਣਮੱਤੇ ਫ਼ਨਕਾਰ ਨੂੰ ਪਰਮਾਤਮਾ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਇਹ ਅਸਹਿ ਭਾਣਾ ਮੰਨਣ ਦਾ ਹੌਂਸਲਾ ਹਿੰਮਤ ਬਖ਼ਸ਼ਣ”
ਦੱਸ ਦਈਏ ਕਿ ਫੋਰਟਿਸ ਹਸਪਤਾਲ ਵੱਲੋਂ ਦੁਪਹਿਰ 12:30 ਵਜੇ ਦੇ ਰਾਜਵੀਰ ਜਵੰਦਾ ਦੀ ਮੌਤ ਨੂੰ ਲੈ ਕੇ ਇਕ ਬਿਆਨ ਜਾਰੀ ਕੀਤਾ ਗਿਆ ਹੈ। ਹਸਪਤਾਲ ਨੇ ਕਿਹਾ “8 ਅਕਤੂਬਰ, 2025 ਨੂੰ ਸਵੇਰੇ 10:55 ਵਜੇ ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਦਿਹਾਂਤ ਹੋ ਗਿਆ। ਜਵੰਦਾ ਨੂੰ ਰੀੜ੍ਹ ਦੀ ਹੱਡੀ ਅਤੇ ਦਿਮਾਗ ਦੀਆਂ ਗੰਭੀਰ ਸੱਟਾਂ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਅੱਜ ਮਲਟੀ-ਆਰਗਨ ਫੇਲ੍ਹ ਹੋਣ ਕਾਰਨ ਉਸਦੀ ਮੌਤ ਹੋ ਗਈ ਹੈ।”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
The post Rajvir jawanda death: “ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ”; ਰਾਜਵੀਰ ਜਵੰਦਾ ਦੀ ਮੌਤ ‘ਤੇ ਮੁੱਖ ਮੰਤਰੀ ਮਾਨ ਨੇ ਸਾਂਝੀ ਕੀਤੀ ਭਾਵੁਕ ਪੋਸਟ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.








