Breaking News: ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ
— ਗ੍ਰਿਫ਼ਤਾਰ ਕੀਤੇ ਦੋਸ਼ੀ ਪਾਕਿ-ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
— ਮੁੱਖ ਦੋਸ਼ੀ ਜੁਗਰਾਜ ਸਿੰਘ ਨੂੰ ਪਹਿਲਾਂ ਵੀ ਜੂਨ 2025 ਵਿੱਚ ਨਸ਼ਿਆਂ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ: ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਮਾਨ
ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ (ਵਿਸ਼ਵ ਵਾਰਤਾ):-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਨੇ ਚਾਰ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਆਧੁਨਿਕ .30 ਬੋਰ ਸਟਾਰ ਮਾਰਕ ਪਿਸਤੌਲਾਂ ਦੇ ਨਾਲ-ਨਾਲ ਗੋਲੀ ਸਿੱਕਾ ਵੀ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਜੁਗਰਾਜ ਸਿੰਘ ਉਰਫ਼ ਚਿਰੀ ਵਾਸੀ ਪਿੰਡ ਭਗਵਾਨਪੁਰਾ, ਕੁਲਬੀਰ ਸਿੰਘ ਉਰਫ਼ ਨੰਨੂ ਉਰਫ਼ ਕਾਲੂ ਵਾਸੀ ਪਿੰਡ ਦਲੀਰੀ, ਅਰਸ਼ਦੀਪ ਸਿੰਘ ਵਾਸੀ ਪਿੰਡ ਦਲੀਰੀ ਅਤੇ ਨਛੱਤਰ ਸਿੰਘ ਵਾਸੀ ਪਿੰਡ ਦਿਆਲਪੁਰ ਵਜੋਂ ਹੋਈ ਹੈ।
ਇਹ ਕਾਰਵਾਈ ਐਸਐਸਓਸੀ ਅੰਮ੍ਰਿਤਸਰ ਵੱਲੋਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਗਲੌਕ ਪਿਸਤੌਲਾਂ ਤੇ 2 ਕਿਲੋ ਹੈਰੋਇਨ ਬਰਾਮਦ ਕਰਕੇ ਇਸੇ ਤਰ੍ਹਾਂ ਦੇ ਇੱਕ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਉਪਰੰਤ ਸਾਹਮਣੇ ਆਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ-ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਜੋ ਡਰੋਨ ਰਾਹੀਂ ਸਰਹੱਦੀ ਰਾਜ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਆਵਾਜਾਈ ਦਾ ਪ੍ਰਬੰਧ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇਸ ਨੂੰ ਨਸ਼ਟ ਕੀਤਾ ਜਾ ਸਕੇ।
ਏਆਈਜੀ ਐਸਐਸਓਸੀ ਅੰਮ੍ਰਿਤਸਰ ਸੁਖਮਿੰਦਰ ਸਿੰਘ ਮਾਨ ਨੇ ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਕੁਝ ਵਿਅਕਤੀਆਂ ਵੱਲੋਂ ਹਥਿਆਰਾਂ ਦੀ ਖੇਪ ਦੀ ਪ੍ਰਾਪਤੀ ਬਾਰੇ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਐਸਐਸਓਸੀ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਚਾਰੋਂ ਸ਼ੱਕੀ ਮੁਲਜ਼ਮਾਂ ਦੇ ਕਬਜ਼ੇ ‘ਚੋਂ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕਰਨ ਉਪਰੰਤ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਏਆਈਜੀ ਨੇ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਮੁੱਖ ਦੋਸ਼ੀ ਜੁਗਰਾਜ ਸਿੰਘ ਨੂੰ ਪਹਿਲਾਂ ਵੀ ਜੂਨ 2025 ਵਿੱਚ ਨਸ਼ਿਆਂ ਸਬੰਧੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸ ਨੇ ਲਗਭਗ ਦੋ ਮਹੀਨੇ ਜੇਲ੍ਹ ਵਿੱਚ ਬਿਤਾਏ ਸਨ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਕਾਨੂੰਨੀ ਪ੍ਰਕਿਰਿਆ ਅਨੁਸਾਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਇਸ ਸਬੰਧੀ ਕੇਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਐਫਆਈਆਰ ਨੰਬਰ 62 ਮਿਤੀ 21.10.2025 ਨੂੰ ਦਰਜ ਕੀਤਾ ਗਿਆ ਹੈ।
The post Breaking News: ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 4 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ appeared first on Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I Punjabi News Agency.