Punjab Elections : ਪੰਜਾਬ ਵਿੱਚ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ ਵੱਡਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਨਗਰ ਨਿਗਮ ਪਟਿਆਲਾ, ਨਗਰ ਕੌਂਸਲ ਧਰਮਕੋਟ ਅਤੇ ਬਾਘਾਪੁਰਾਣਾ ਦੇ ਕੁੱਲ 50 ਵਾਰਡਾਂ ਦੀਆਂ ਚੋਣਾਂ ਰੱਦ ਕਰਦਿਆਂ ਇਨ੍ਹਾਂ ਵਾਰਡਾਂ ਵਿੱਚ ਮੁੜ ਚੋਣ ਕਰਵਾਉਣ ਦੇ ਹੁਕਮ ਦਿੱਤੇ ਹਨ।
ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਸੇਵਾਮੁਕਤ ਜੱਜ ਨਿਰਮਲਜੀਤ ਕੌਰ ਦੀ ਅਗਵਾਈ ਵਾਲੀ ਕਮੇਟੀ ਦੀ ਰਿਪੋਰਟ ਨੂੰ ਮਨਜ਼ੂਰੀ ਦਿੰਦਿਆਂ ਇਹ ਹੁਕਮ ਜਾਰੀ ਕੀਤੇ। ਹੁਣ ਇਨ੍ਹਾਂ ਵਾਰਡਾਂ ਵਿੱਚ ਨਿਆਂਇਕ ਨਿਗਰਾਨੀ ਹੇਠ ਨਵੇਂ ਸਿਰੇ ਤੋਂ ਚੋਣ ਪ੍ਰਕਿਰਿਆ ਕਰਵਾਈ ਜਾਵੇਗੀ।
ਫ਼ੈਸਲੇ ਮੁਤਾਬਕ ਨਗਰ ਨਿਗਮ ਪਟਿਆਲਾ ਦੇ 28 ਵਾਰਡ, ਨਗਰ ਕੌਂਸਲ ਧਰਮਕੋਟ ਦੇ 7 ਵਾਰਡ ਅਤੇ ਨਗਰ ਕੌਂਸਲ ਬਾਘਾਪੁਰਾਣਾ ਦੇ ਸਾਰੇ 15 ਵਾਰਡਾਂ ਵਿੱਚ ਦੁਬਾਰਾ ਵੋਟਿੰਗ ਹੋਵੇਗੀ।
ਪਟਿਆਲਾ ਦੇ ਵਾਰਡ ਨੰਬਰ 1, 4, 6, 12, 14, 16, 22, 26, 28, 32, 33, 34, 36, 37, 38, 40, 41, 43, 44, 45, 46, 48, 50, 51, 52, 53, 55 ਅਤੇ 57 ਵਿੱਚ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕਣ ਅਤੇ ਚੋਣ ਲੜਨ ਤੋਂ ਵਾਂਝਾ ਰੱਖਣ ਦੇ ਦੋਸ਼ ਲੱਗੇ ਸਨ।
ਇਸੇ ਤਰ੍ਹਾਂ ਧਰਮਕੋਟ ਦੇ ਵਾਰਡ ਨੰਬਰ 1, 2, 3, 4, 7, 9 ਅਤੇ 13 ਵਿੱਚ ਵੀ ਚੋਣ ਮੁੜ ਕਰਵਾਈ ਜਾਵੇਗੀ। ਬਾਘਾਪੁਰਾਣਾ ਨਗਰ ਕੌਂਸਲ ਦੇ ਸਾਰੇ 15 ਵਾਰਡ ਇਸ ਫ਼ੈਸਲੇ ਦੇ ਦਾਇਰੇ ਵਿੱਚ ਆਉਂਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ਦੌਰਾਨ ਵਿਰੋਧੀ ਧਿਰਾਂ ਵੱਲੋਂ ਧੱਕੇਸ਼ਾਹੀ ਅਤੇ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਰੋਕਣ ਦੇ ਆਰੋਪ ਲਗਾਏ ਗਏ ਸਨ। ਇਸ ਮਾਮਲੇ ਨੂੰ ਲੈ ਕੇ ਭਾਜਪਾ ਪਹਿਲਾਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਅਤੇ ਬਾਅਦ ਵਿੱਚ ਸੁਪਰੀਮ ਕੋਰਟ ਪਹੁੰਚੀ ਸੀ।
ਮਾਮਲੇ ਦੀ ਨਿਰਪੱਖ ਜਾਂਚ ਲਈ ਸੁਪਰੀਮ ਕੋਰਟ ਨੇ ਸੇਵਾਮੁਕਤ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ਵਿੱਚ ਕਮੇਟੀ ਬਣਾਈ ਸੀ। ਹੁਣ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਸੁਪਰੀਮ ਕੋਰਟ ਨੇ ਇਨ੍ਹਾਂ 50 ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
