Sangrur Protest  : 18 ਅਕਤੂਬਰ ਨੂੰ ਅਨੋਖਾ ਦਸਹਿਰਾ ! CM ਸਮੇਤ ਕੈਬਨਿਟ ਦੇ ਪੁਤਲੇ ਫੂਕਣਗੇ ਅੱਕੇ ਬੇਰੁਜ਼ਗਾਰ


Punjab Unemployed Protest  : ਬੇਰੁਜ਼ਗਾਰ ਵਰਗ ਦੀਆਂ ਮੰਗਾਂ ਮੰਨਣ ਤੋਂ ਆਕੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਬੇਰੁਜ਼ਗਾਰ ਸਾਂਝੇ ਮੋਰਚੇ  ਦਾ ਪਾਰਾ ਚੜ੍ਹ ਚੁੱਕਾ ਹੈ। ਉਹ ਪੰਜਾਬ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਦਾ ਐਲਾਨ ਕਰ ਚੁੱਕੇ ਹਨ। ਜਿਸ ਵਿੱਚ ਉਹ ਇਸ ਵਾਰ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਪੰਜਾਬ ਦੀ ਕੈਬਨਿਟ ਅਤੇ ਦਿੱਲੀ ਟੀਮ ਦੇ ਪੁਤਲੇ ਫੂਕ ਕੇ ਦਸਹਿਰਾ ਮਨਾਉਣਗੇ।

ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਗੇਟ ਅੱਗੇ ਪਿਛਲੇ ਕਰੀਬ ਦਸ ਮਹੀਨੇ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਕਨਵੀਨਰ ਸੁਖਵਿੰਦਰ ਸਿੰਘ ਢਿੱਲਵਾਂ,ਰਮਨ ਕੁਮਾਰ ਮਲੋਟ,ਅਮਨ ਸੇਖਾ,ਹਰਜਿੰਦਰ ਆਦਿ ਨੇ ਦੱਸਿਆ ਕਿ ਭਰਤੀ ਕੈਲੰਡਰ ਲਾਗੂ ਕਰਨ ਦਾ ਵਾਅਦਾ ਕਰਨ ਵਾਲੀ ਸਰਕਾਰ ਨੇ ਸਾਢੇ ਚਾਰ ਸਾਲਾਂ ਵਿੱਚ ਮਾਸਟਰ ਕੇਡਰ ਦੀ ਇਕ ਵੀ ਅਸਾਮੀ ਜਾਰੀ ਨਹੀਂ ਕੀਤੀ।

ਉਲਟਾ ਇਸ਼ਤਿਹਾਰਬਾਜ਼ੀ ਰਾਹੀ ਸਿੱਖਿਆ ਕ੍ਰਾਂਤੀ ਦਾ ਰਾਗ ਅਲਾਪਿਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਬੀਤੇ ਦਿਨੀਂ 2 ਅਕਤੂਬਰ ਨੂੰ ਰੋਸ ਪ੍ਰਦਰਸ਼ਨ ਦੌਰਾਨ ਸਥਾਨਕ ਪ੍ਰਸ਼ਾਸਨ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ 6 ਅਕਤੂਬਰ ਨੂੰ ਪੈਨਲ ਕਰਵਾਉਣ ਦਾ ਝਾਂਸਾ ਦਿੱਤਾ ਗਿਆ ਸੀ ਜਿਹੜਾ ਕਿ ਲਾਰਾ ਬਣ ਚੁੱਕਾ ਹੈ।ਮੀਟਿੰਗ ਲਗਾਤਾਰ ਹੁੰਦੀ ਆ ਰਹੀ ਹੈ।

ਉੱਧਰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਦੀ 11 ਅਕਤੂਬਰ ਨੂੰ ਕੋਠੀ ਦੇ ਘਿਰਾਓ ਮੌਕੇ ਪੰਜਾਬ ਕੈਬਨਿਟ ਸਬ ਕਮੇਟੀ ਨਾਲ ਮੀਟਿੰਗ ਨਿਸ਼ਚਿਤ ਹੋਈ ਸੀ,ਜਿਹੜੀ ਕਿ 15 ਅਕਤੂਬਰ ਨੂੰ  ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈ ਹੈ।ਇਸ ਵਿੱਚ ਉਹਨਾਂ ਨੇ ਬੇਰੁਜ਼ਗਾਰਾਂ ਨੂੰ ਉਮਰ ਹੱਦ ਛੋਟ ਦੇਣ,ਮਾਸਟਰ ਕੇਡਰ ਦੀਆਂ 7 ਸ੍ਰੇਣੀਆਂ ਉੱਤੇ ਬੇਤੁਕੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਤੋ ਮੁੜ ਟਾਲ ਮਟੋਲ ਕੀਤਾ ਹੈ।

ਭਵਿੱਖ ਵਿੱਚ ਪੰਜਾਬ ਅੰਦਰ ਜਲਦ ਚੋਣ ਜ਼ਾਬਤਾ ਲਾਗੂ ਹੋਣ ਦੀ ਸੰਭਾਵਨਾ ਹੈ।ਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਾਰਜਕਾਲ ਬਿਨਾ ਭਰਤੀ ਦਿੱਤੇ ਲੰਘਣ ਜਾ ਰਿਹਾ ਹੈ।ਇਸ ਲਈ ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ਦਸਹਿਰਾ ਤੋਂ ਦੋ ਦਿਨ ਪਹਿਲਾਂ 18 ਅਕਤੂਬਰ ਨੂੰ ਮੁੱਖ ਮੰਤਰੀ ਸਮੇਤ ਪੰਜਾਬ ਕੈਬਨਿਟ ਦੇ ਪੁਤਲੇ ਫੂਕ ਕੇ ਦਸਹਿਰਾ ਮਨਾਇਆ ਜਾਵੇਗਾ।

ਉਹਨਾਂ ਦੱਸਿਆ ਕਿ ਬੇਰੁਜ਼ਗਾਰਾਂ ਦੀ ਮੰਗ ਹੈ ਕਿ ਘੱਟੋ-ਘੱਟ 15000 ਅਸਾਮੀਆਂ ਮਾਸਟਰ ਕੇਡਰ ਦੇ ਸਾਰੇ ਵਿਸ਼ਿਆਂ ਦੀਆਂ ਜਾਰੀ ਕੀਤੀਆਂ ਜਾਣ,ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਫੀਸਦੀ ਲਾਜ਼ਮੀ ਅੰਕਾਂ ਦੀ ਸ਼ਰਤ ਨੂੰ ਮੁੱਢੋ ਰੱਦ ਕੀਤਾ ਜਾਵੇ,ਉਮਰ ਹੱਦ ਛੋਟ ਦੇਣ ਦਾ ਵਾਅਦਾ ਪੂਰਾ ਕੀਤਾ ਜਾਵੇ,ਆਰਟ ਐਂਡ ਕਰਾਫਟ ਦੀਆਂ 250 ਅਸਾਮੀਆਂ ਦੀ ਲਿਖਤੀ ਪ੍ਰੀਖਿਆ ਲਈ ਜਾਵੇ,ਮਲਟੀ ਪਰਪਜ਼ ਹੈਲਥ ਵਰਕਰ ਪੁਰਸ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਉਮਰ ਹੱਦ ਛੋਟ ਦੇ ਕੇ ਭਰੀਆਂ ਜਾਣ,ਕਰੋਨਾ ਵਲੰਟੀਅਰ ਨੂੰ ਬਿਨਾਂ ਸ਼ਰਤ ਨੈਸ਼ਨਲ ਹੈਲਥ ਮਿਸ਼ਨ ਤਹਿਤ ਰੈਗੂਲਰ ਭਰਤੀ ਕੀਤਾ ਜਾਵੇ,ਸਕੂਲਾਂ ਵਿੱਚ ਸਰੀਰਕ ਸਿੱਖਿਆ ਅਧਿਆਪਕਾਂ ਅਤੇ ਲਾਇਬ੍ਰੇਰੀਅਨ ਦੀਆਂ ਸਾਰੀਆਂ ਖਾਲੀ ਅਸਾਮੀਆਂ ਭਰੀਆਂ ਜਾਣ,ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਦੀ ਮੰਗਾਂ ਮਨਜ਼ੂਰ ਕੀਤੀਆਂ ਜਾਣ।

ਇਸ ਲਈ ਬੇਰੁਜ਼ਗਾਰ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕੇ ਮੋਰਚੇ ‘ ਤੇ ਇਕੱਠੇ ਹੋਣ ਉਪਰੰਤ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਸਥਾਨਕ ਕੋਠੀ ਅੱਗੇ ਜਾਕੇ ਪੁਤਲੇ ਫੂਕਣਗੇ। ਉਹਨਾਂ ਪੰਜਾਬ ਦੇ ਸਮੂਹ ਬੇਰੁਜ਼ਗਾਰਾਂ ਨੂੰ ਆਪਣੇ ਹੱਕਾਂ ਲਈ ਸਵੇਰੇ 11 ਵਜੇ ਡਿਪਟੀ ਕਮਿਸ਼ਨਰ ਦਫਤਰ ਦੇ ਗੇਟ ਅੱਗੇ ਪਹੁੰਚਣ ਦੀ ਅਪੀਲ ਕੀਤੀ।



Source link