Jagraon Murder Case : ਦੋ ਕੁੜੀਆਂ ਦੀ ਲੜਾਈ ਨੇ ਧਾਰਿਆ ਖ਼ੂਨੀ ਰੂਪ, 5-6 ਨੌਜਵਾਨਾਂ ਨੇ ਘਰ ‘ਚ ਵੜ ਕੇ ਕੀਤਾ ਹਮਲਾ, ਪਿਓ ਦੀ ਮੌਤ!


Jagraon Murder Case : ਲੁਧਿਆਣਾ ਦੇ ਜਗਰਾਓਂ ਵਿੱਚ ਦੋ ਕੁੜੀਆਂ ਵਿਚਾਲੇ ਹੋਈ ਲੜਾਈ ਨੇ ਖ਼ੂਨੀ ਰੂਪ ਧਾਰ ਲਿਆ। ਇੱਕ ਕੁੜੀ ਨੇ ਆਪਣੇ 5-6 ਦੋਸਤਾਂ ਨੂੰ ਬੁਲਾ ਕੇ ਦੂਜੀ ਕੁੜੀ ਦੇ ਘਰ ਵਿੱਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ। ਇਸ ਦੌਰਾਨ ਜਦੋਂ ਕੁੜੀ ਦਾ ਪਿਤਾ ਆਪਣੀ ਧੀ ਨੂੰ ਬਚਾਉਣ ਲਈ ਅੱਗੇ ਆਇਆ ਤਾਂ ਹਮਲਾਵਰਾਂ ਨੇ ਉਸ ਨੂੰ ਹੀ ਨਿਸ਼ਾਨਾ ਬਣਾ ਲਿਆ। ਕੁੱਟਮਾਰ ਦੌਰਾਨ ਪਿਤਾ ਦੇ ਪੇਟ ਵਿੱਚ ਕਈ ਲੱਤਾਂ ਅਤੇ ਮੁੱਕੇ ਮਾਰੇ ਗਏ। ਗੰਭੀਰ ਸੱਟਾਂ ਲੱਗਣ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਧੀ ਨੂੰ ਬਚਾਉਣ ਆਏ ਪਿਤਾ ‘ਤੇ ਕੀਤਾ ਹਮਲਾ

ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਉਹ ਜਗਰਾਓਂ ਦੇ ਅਗਵਾੜ ਲੋਪੋ ਇਲਾਕੇ ਵਿੱਚ ਰਹਿੰਦੇ ਹਨ। ਉਨ੍ਹਾਂ ਦੀ ਧੀ ਦੀ ਕਿਸੇ ਹੋਰ ਕੁੜੀ ਨਾਲ ਲੜਾਈ ਹੋ ਗਈ ਸੀ। ਇਸ ਤੋਂ ਬਾਅਦ ਦੂਜੀ ਕੁੜੀ ਆਪਣੇ 5-6 ਦੋਸਤਾਂ ਨੂੰ ਨਾਲ ਲੈ ਕੇ ਉਨ੍ਹਾਂ ਦੇ ਘਰ ਪਹੁੰਚ ਗਈ ਅਤੇ ਜ਼ਬਰਦਸਤੀ ਘਰ ਵਿੱਚ ਦਾਖ਼ਲ ਹੋ ਕੇ ਹਮਲਾ ਕਰ ਦਿੱਤਾ।

ਜਦੋਂ ਹਮਲਾਵਰ ਉਨ੍ਹਾਂ ਦੀ ਧੀ ਨਾਲ ਕੁੱਟਮਾਰ ਕਰ ਰਹੇ ਸਨ ਤਾਂ ਉਸ ਦਾ ਪਿਤਾ ਤੇਜਿੰਦਰ ਸਿੰਘ ਵਿਚਕਾਰ ਬਚਾਅ ਕਰਨ ਲਈ ਆ ਗਿਆ। ਇਸ ਦੌਰਾਨ ਹਮਲਾਵਰਾਂ ਨੇ ਤੇਜਿੰਦਰ ਸਿੰਘ ‘ਤੇ ਹੀ ਹਮਲਾ ਕਰ ਦਿੱਤਾ ਅਤੇ ਉਸ ਦੇ ਪੇਟ ਵਿੱਚ ਕਈ ਲੱਤਾਂ ਤੇ ਮੁੱਕੇ ਮਾਰੇ। ਕੁੱਟਮਾਰ ਦੌਰਾਨ ਉਹ ਹੇਠਾਂ ਡਿੱਗ ਪਿਆ ਅਤੇ ਉਸ ਦੇ ਸਿਰ ਵਿੱਚ ਵੀ ਗੰਭੀਰ ਸੱਟਾਂ ਲੱਗੀਆਂ।

ਹਸਪਤਾਲ ਵਿੱਚ ਇਲਾਜ ਦੌਰਾਨ ਤੋੜਿਆ ਦਮ

ਪਰਿਵਾਰਕ ਮੈਂਬਰਾਂ ਨੇ ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਤੇਜਿੰਦਰ ਸਿੰਘ ਨੂੰ ਜਗਰਾਓਂ-ਰਾਏਕੋਟ ਰੋਡ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਡਾਕਟਰਾਂ ਵੱਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਸੀ, ਪਰ ਗੰਭੀਰ ਸੱਟਾਂ ਕਾਰਨ ਉਸ ਦੀ ਜਾਨ ਨਹੀਂ ਬਚ ਸਕੀ। ਅੱਜ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ।

ਪੁਲਿਸ ਵੱਲੋਂ ਕਤਲ ਦਾ ਮਾਮਲਾ ਦਰਜ ਕਰਨ ਦੀ ਕਾਰਵਾਈ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਟੀ ਦੀ ਪੁਲਿਸ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਰਖਵਾ ਦਿੱਤਾ ਹੈ।ਥਾਣਾ ਸਿਟੀ ਦੇ ਇੰਚਾਰਜ ਇੰਦਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

 



Source link