Jagtar Singh Hawara ਦੀ ਪੈਰੋਲ ’ਤੇ ਜਲਦ ਸਕਦਾ ਫੈਸਲਾ, ਇਸ ਆਗੂ ਦੀ ਹਿਮਾਇਤ ਤੋਂ ਬਾਅਦ ਵਧੇ ਅਸਾਰ


Jagtar Singh Hawara parole : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਕਤਲ ਮਾਮਲੇ ਵਿੱਚ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਉਮਰਕੈਦ ਦੀ ਸਜ਼ਾ ਕੱਟ ਰਹੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਅਰਜ਼ੀ ’ਤੇ ਜਲਦ ਵੱਡਾ ਫੈਸਲਾ ਆ ਸਕਦਾ ਹੈ। ਇਸ ਮਾਮਲੇ ‘ਤੇ ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਦੇ ਅਹਿਮ ਬਿਆਨ ਅਤੇ ਰਾਜਪਾਲ ਦੀ ਸਿਫ਼ਾਰਸ਼ ਤੋਂ ਬਾਅਦ ਹਵਾਰਾ ਦੀ ਰਿਹਾਈ ਦੇ ਆਸਾਰ ਕਾਫ਼ੀ ਵਧ ਗਏ ਹਨ।

ਸੂਤਰਾਂ ਅਨੁਸਾਰ ਜਗਤਾਰ ਸਿੰਘ ਹਵਾਰਾ ਨੇ ਦਿੱਲੀ ਜੇਲ੍ਹ ਵਿਭਾਗ ਵੱਲੋਂ ਮਨਜ਼ੂਰ ਕੀਤੀ ਗਈ ਦੋ ਦਿਨਾਂ ਦੀ ਪੈਰੋਲ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਅਧਿਕਾਰਤ ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਸੂਤਰਾਂ ਮੁਤਾਬਕ ਹਵਾਰਾ ਨੇ ਪੈਰੋਲ ਦਾ ਲਾਭ ਲੈਣ ਤੋਂ ਇਨਕਾਰ ਕਰਦਿਆਂ ਆਪਣੀ ਬਿਮਾਰ ਮਾਂ ਨਾਲ ਮੁਲਾਕਾਤ ਲਈ ਨਿਯਮਤ ਪੈਰੋਲ ਦੀ ਮੰਗ ਕੀਤੀ ਹੈ। ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਸੀ ਕਿ ਉਨ੍ਹਾਂ ਨੂੰ ਹਾਈ ਰਿਸਕ ਕੈਦੀ ਦੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ। ਇਸ ਕਾਰਨ ਜੇਲ੍ਹ ਤੋਂ ਬਾਹਰ ਉਨ੍ਹਾਂ ਦੀ ਆਵਾਜਾਈ ਦੌਰਾਨ ਵਾਧੂ ਸੁਰੱਖਿਆ ਮੁਲਾਜ਼ਮਾਂ ਦੀ ਤਾਇਨਾਤੀ ਕਰਨੀ ਪਵੇਗੀ।

 ਜਗਤਾਰ ਸਿੰਘ ਹਵਾਰਾ ਦੀ ਪੈਰੋਲ ਮਾਮਲੇ ਵਿੱਚ ਬੇਅੰਤ ਸਿੰਘ ਦੇ ਪੋਤੇ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਅਹਿਮ ਬਿਆਨ ਦਿੱਤਾ ਹੈ। ਬਿੱਟੂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਰਾਜਪਾਲ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਗਈ ਸਕਾਰਾਤਮਕ ਰਿਪੋਰਟ ਦਾ ਸਵਾਗਤ ਕੀਤਾ।

ਰਵਨੀਤ ਬਿੱਟੂ ਨੇ ਕਿਹਾ ਕਿ ਜੇਕਰ ਹਵਾਰਾ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਪੰਜਾਬ ਆਉਂਦੇ ਹਨ ਤਾਂ ਉਨ੍ਹਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਵੱਲੋਂ ਪੂਰੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਦਾ ਪਰਿਵਾਰ ਇਸ ਮਨੁੱਖੀ ਕਦਮ ਦਾ ਸਮਰਥਨ ਕਰਦਾ ਹੈ ਅਤੇ ਇੱਕ ਬਜ਼ੁਰਗ ਮਾਂ ਨੂੰ ਉਸ ਦੇ ਪੁੱਤਰ ਦੇ ਗੁਨਾਹਾਂ ਦੀ ਸਜ਼ਾ ਨਹੀਂ ਮਿਲਣੀ ਚਾਹੀਦੀ।

ਰਾਜਪਾਲ ਨੇ ਵੀ  ਅਪਣਾਇਆ ਹਮਦਰਦੀ ਭਰਿਆ ਰੁਖ਼

ਹਵਾਰਾ ਦੀ ਬਿਮਾਰ ਮਾਂ ਦੀ ਸਿਹਤ ਨੂੰ ਦੇਖਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਮਨੁੱਖੀ ਆਧਾਰ ’ਤੇ ਪੈਰੋਲ ਦੇ ਮਾਮਲੇ ’ਤੇ ਹਮਦਰਦੀ ਵਾਲਾ ਰੁਖ਼ ਅਪਣਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਅਤੇ ਪ੍ਰਸ਼ਾਸਨਿਕ ਰਿਪੋਰਟ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਗਈ ਹੈ, ਜਿੱਥੋਂ ਅੰਤਿਮ ਫੈਸਲਾ ਹੋਣਾ ਹੈ।

CM ਮਾਨ ਨੇ ਕੀਤੀ ਸੀ 10 ਦਿਨਾਂ ਦੀ ਪੈਰੋਲ ਦੀ ਸਿਫ਼ਾਰਸ਼

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਸੀ। CM ਮਾਨ ਨੇ ਰਾਜਪਾਲ ਨੂੰ ਦੱਸਿਆ ਸੀ ਕਿ ਹਵਾਰਾ ਦੀ ਮਾਂ ਦੀ ਹਾਲਤ ਬਹੁਤ ਨਾਜ਼ੁਕ ਹੈ ਅਤੇ ਉਹ ਆਪਣੇ ਪੁੱਤਰ ਦਾ ਨਾਮ ਸੁਣ ਕੇ ਪ੍ਰਤੀਕਿਰਿਆ ਦਿੰਦੀ ਹੈ। ਮੁੱਖ ਮੰਤਰੀ ਨੇ ਇਹ ਵੀ ਭਰੋਸਾ ਦਿੱਤਾ ਸੀ ਕਿ ਪੈਰੋਲ ਦੌਰਾਨ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਦੀ ਪੂਰੀ ਜ਼ਿੰਮੇਵਾਰੀ ਲਈ ਜਾਵੇਗੀ।

ਕੌਣ ਹੈ ਜਗਤਾਰ ਸਿੰਘ ਹਵਾਰਾ?

ਜਗਤਾਰ ਸਿੰਘ ਹਵਾਰਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਹਵਾਰਾ ਨਾਲ ਸਬੰਧਤ ਹੈ ਅਤੇ ਪਿਛਲੇ ਕਈ ਦਹਾਕਿਆਂ ਤੋਂ ਜੇਲ੍ਹ ਵਿੱਚ ਬੰਦ ਹੈ। ਉਸ ਦਾ ਨਾਮ 31 ਅਗਸਤ 1995 ਨੂੰ ਚੰਡੀਗੜ੍ਹ ਸਿਵਲ ਸਕੱਤਰੇਤ ਦੇ ਬਾਹਰ ਹੋਏ ਬੰਬ ਧਮਾਕੇ ਦੇ ਮਾਮਲੇ ਨਾਲ ਜੁੜਿਆ ਹੈ। ਇਸ ਧਮਾਕੇ ਵਿੱਚ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਸਮੇਤ 17 ਲੋਕਾਂ ਦੀ ਮੌਤ ਹੋਈ ਸੀ।ਇਸ ਮਾਮਲੇ ਵਿੱਚ ਹਵਾਰਾ ਨੂੰ ਪਹਿਲਾਂ ਮੌਤ ਦੀ ਸਜ਼ਾ ਸੁਣਾਈ ਗਈ ਸੀ, ਜਿਸ ਨੂੰ ਬਾਅਦ ਵਿੱਚ ਹਾਈ ਕੋਰਟ ਵੱਲੋਂ ਉਮਰਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ।



Source link