LPU ’ਚ ਕਥਿਤ ਰੇਪ ਮਾਮਲੇ ’ਚ FIR, ਅਣਪਛਾਤੇ ਖ਼ਿਲਾਫ਼ ਕੇਸ ਦਰਜ; ਯੂਨੀਵਰਸਿਟੀ ਨੇ ਦਿੱਤੀ ਸਫਾਈ


LPU Rape Case : ਕਪੂਰਥਲਾ ਪੁਲਿਸ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ’ਚ ਇੱਕ ਵਿਦਿਆਰਥਣ ਨਾਲ ਕਥਿਤ ਰੇਪ ਦੇ ਮਾਮਲੇ ’ਚ ਅਣਪਛਾਤੇ ਵਿਅਕਤੀ ਖ਼ਿਲਾਫ਼ FIR ਦਰਜ ਕੀਤੀ ਹੈ। ਪੁਲਿਸ ਮੁਤਾਬਕ ਵਿਦਿਆਰਥਣ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ।

ਪੁਲਿਸ ਵੱਲੋਂ FIR ’ਚ ਯੂਨੀਵਰਸਿਟੀ ਦੇ ਉਨ੍ਹਾਂ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ’ਤੇ ਮਾਮਲੇ ਨੂੰ ਛੁਪਾਉਣ ਦੀ ਕੋਸ਼ਿਸ਼ ਕਰਨ ਦੇ ਆਰੋਪ ਲੱਗ ਰਹੇ ਹਨ।

ਕਪੂਰਥਲਾ ਦੇ SSP ਗੌਰਵ ਤੂਰਾ ਨੇ ਦੱਸਿਆ ਕਿ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਜਾਂਚ ਚੱਲ ਰਹੀ ਹੈ ਅਤੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਦਾਅਵਿਆਂ ਤੇ ਉਨ੍ਹਾਂ ਨਾਲ ਜੁੜੀ ਜਾਣਕਾਰੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਵਾਇਰਲ ਸੁਸਾਈਡ ਵੀਡੀਓ ’ਤੇ ਪੁਲਿਸ ਦੀ ਸਫਾਈ

SSP ਨੇ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਸੁਸਾਈਡ ਨਾਲ ਸਬੰਧਤ ਵੀਡੀਓ ਬਾਰੇ ਵੀ ਸਪਸ਼ਟੀਕਰਨ ਦਿੱਤਾ ਹੈ। ਪੁਲਿਸ ਮੁਤਾਬਕ ਇਹ ਵੀਡੀਓ ਪੁਰਾਣੀ ਹੈ। ਜਿਸ ਸੁਸਾਈਡ ਘਟਨਾ ਦੀ ਗੱਲ ਕੀਤੀ ਜਾ ਰਹੀ ਹੈ, ਉਹ 11 ਤਾਰੀਖ਼ ਨੂੰ ਹੋਈ ਸੀ ਅਤੇ ਵਾਇਰਲ ਵੀਡੀਓ ਨੂੰ ਉਸੇ ਘਟਨਾ ਨਾਲ ਜੋੜਿਆ ਜਾ ਰਿਹਾ ਹੈ।

LPU ਨੇ ਕਿਹਾ- ਯੂਨੀਵਰਸਿਟੀ ਦੀ ਛਵੀ ਖਰਾਬ ਕਰਨ ਦੀ ਕੋਸ਼ਿਸ਼

ਵਿਵਾਦ ਦਰਮਿਆਨ LPU ਵੱਲੋਂ ਵੀ ਬਿਆਨ ਜਾਰੀ ਕੀਤਾ ਗਿਆ ਹੈ। ਯੂਨੀਵਰਸਿਟੀ ਦੇ ਐਗਜ਼ੀਕਿਊਟਿਵ ਡੀਨ ਸਟੂਡੈਂਟਸ ਵੈਲਫੇਅਰ ਡਾ. ਸੌਰਭ ਲਖਨਪਾਲ ਨੇ ਕਿਹਾ ਕਿ ਜਿਸ ਤਰ੍ਹਾਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਉਸ ਤੋਂ ਲੱਗਦਾ ਹੈ ਕਿ ਇੱਕ ਸੰਗਠਿਤ ਤਰੀਕੇ ਨਾਲ ਯੂਨੀਵਰਸਿਟੀ ਦੀ ਸਾਖ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਹੋ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ’ਤੇ ਧਿਆਨ ਨਾ ਦੇਣ ਅਤੇ ਕੋਈ ਵੀ ਜਾਣਕਾਰੀ ਸਾਂਝੀ ਕਰਨ ਤੋਂ ਪਹਿਲਾਂ ਉਸਦੀ ਪੁਸ਼ਟੀ ਕਰਨ।

ਇਸ ਮਾਮਲੇ ਨਾਲ ਸਿਆਸੀ ਪੱਖ ਵੀ ਜੁੜ ਗਿਆ ਹੈ। LPU ਦੇ ਸੰਸਥਾਪਕ ਚਾਂਸਲਰ ਅਤੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਹਾਲ ਹੀ ਵਿੱਚ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਹਨ। ਮਿੱਤਲ ਨੂੰ ‘ਆਪ’ ਵੱਲੋਂ ਪੰਜਾਬ ਤੋਂ ਰਾਜ ਸਭਾ ਭੇਜਿਆ ਗਿਆ ਸੀ।

ਸੋਸ਼ਲ ਮੀਡੀਆ ਮੈਸੇਜ ਤੋਂ ਬਾਅਦ ਸ਼ੁਰੂ ਹੋਇਆ ਵਿਰੋਧ

ਦਰਅਸਲ, ਸੋਸ਼ਲ ਮੀਡੀਆ ’ਤੇ ਇੱਕ ਵਿਦਿਆਰਥਣ ਨਾਲ ਕਥਿਤ ਰੇਪ ਸਬੰਧੀ ਮੈਸੇਜ ਵਾਇਰਲ ਹੋਣ ਤੋਂ ਬਾਅਦ LPU ਵਿੱਚ ਵਿਦਿਆਰਥੀਆਂ ਦਾ ਵਿਰੋਧ ਸ਼ੁਰੂ ਹੋਇਆ। ਰਾਤ ਕਰੀਬ 2 ਵਜੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਯੂਨੀਵਰਸਿਟੀ ਕੈਂਪਸ ਵਿੱਚ ਇਕੱਠੇ ਹੋ ਗਏ। ਇਸ ਦੌਰਾਨ ਵਿਰੋਧ ਨੇ ਤਿੱਖਾ ਰੂਪ ਧਾਰ ਲਿਆ ਅਤੇ ਕੈਂਪਸ ਵਿੱਚ ਤੋੜਫੋੜ ਤੇ ਅੱਗਜ਼ਨੀ ਦੀਆਂ ਘਟਨਾਵਾਂ ਸਾਹਮਣੇ ਆਈਆਂ।

ਸਵੇਰੇ ਵੀ ਵਿਦਿਆਰਥੀਆਂ ਦਾ ਪ੍ਰਦਰਸ਼ਨ ਜਾਰੀ ਰਿਹਾ। ਵਿਦਿਆਰਥੀਆਂ ਨੇ ਜਲੰਧਰ-ਫਗਵਾੜਾ ਹਾਈਵੇਅ ਜਾਮ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ ਅਤੇ ਵਿਦਿਆਰਥੀਆਂ ਤੇ ਵਿਦਿਆਰਥੀ ਸੰਗਠਨਾਂ ਨਾਲ ਗੱਲਬਾਤ ਕੀਤੀ। ਹੁਣ ਪੁਲਿਸ ਦੀ ਜਾਂਚ ਵਿੱਚ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਮੈਸੇਜ ਕਿੱਥੋਂ ਆਇਆ ਅਤੇ ਉਸ ਵਿੱਚ ਕੀਤੇ ਗਏ ਦਾਅਵਿਆਂ ਦੀ ਅਸਲ ਸਥਿਤੀ ਕੀ ਹੈ। FIR ਦਰਜ ਹੋਣ ਤੋਂ ਬਾਅਦ ਇਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ।



Source link