Ludhiana ‘ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ


Ludhiana Accident : ਲੁਧਿਆਣਾ ਦੇ ਦੋਰਾਹਾ ਨੇੜੇ ਪਿੰਡ ਜੈਪੁਰਾ ਵਿਖੇ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਸੜਕ ਹਾਦਸਾ ਵਾਪਰ ਗਿਆ। ਸੜਕ ‘ਤੇ ਧੂੰਆਂ ਫੈਲਿਆ ਹੋਣ ਕਾਰਨ ਇੱਕ ਕਾਰ ਅਤੇ ਦੋ ਮੋਟਰਸਾਈਕਲਾਂ ਦੀ ਆਪਸ ਵਿੱਚ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਮ੍ਰਿਤਕ ਮਹਿਲਾ ਦੀ ਪਛਾਣ 55 ਸਾਲਾ ਮਨਜੀਤ ਕੌਰ ਵਾਸੀ ਸ਼ਾਹਪੁਰ ਵਜੋਂ ਹੋਈ ਹੈ। ਉਸ ਦੇ ਪਤੀ ਦੀ ਹਾਲਤ ਵੀ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਦਕਿ ਜ਼ਖ਼ਮੀ ਜਸਪਾਲ ਸਿੰਘ ਅਤੇ ਸੁਰਿੰਦਰ ਸਿੰਘ, ਜੋ ਪਾਇਲ ਦੇ ਰਹਿਣ ਵਾਲੇ ਹਨ, ਦਾ ਦੋਰਾਹਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਮੁਤਾਬਕ ਕਿਸਾਨ ਗੁਰਦੀਪ ਸਿੰਘ ਦੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਗਈ ਸੀ। ਖੇਤ ਲਿੰਕ ਸੜਕ ਦੇ ਬਿਲਕੁਲ ਨਾਲ ਲੱਗਦਾ ਹੈ, ਜਿਸ ਕਾਰਨ ਧੂੰਆਂ ਸੜਕ ‘ਤੇ ਫੈਲ ਗਿਆ। ਇਸ ਦੌਰਾਨ ਕਾਰ ਅਤੇ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵੇਂ ਮੋਟਰਸਾਈਕਲ ਖੇਤ ਵਿੱਚ ਜਾ ਡਿੱਗੇ ਅਤੇ ਪੈਟਰੋਲ ਕਾਰਨ ਅੱਗ ਹੋਰ ਭੜਕ ਗਈ।

ਕਾਰ ਚਾਲਕ ਨੇ ਜ਼ਖ਼ਮੀਆਂ ਨੂੰ ਅੱਗ ਵਿੱਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ, ਪਰ ਅੱਗ ਜ਼ਿਆਦਾ ਹੋਣ ਕਾਰਨ ਉਹ ਕਾਮਯਾਬ ਨਾ ਹੋ ਸਕਿਆ। ਇਸ ਤੋਂ ਬਾਅਦ ਉਸ ਨੇ ਨੇੜਲੇ ਗੁਰਦੁਆਰਾ ਸਾਹਿਬ ਜਾ ਕੇ ਅਨਾਊਂਸਮੈਂਟ ਕਰਵਾਈ। ਲੋਕਾਂ ਨੇ ਮੌਕੇ ‘ਤੇ ਪਹੁੰਚ ਕੇ ਪਾਣੀ ਪਾ ਕੇ ਅੱਗ ਬੁਝਾਈ।

ਪਰ ਉਦੋਂ ਤੱਕ ਮਨਜੀਤ ਕੌਰ ਦੀ ਮੌਤ ਹੋ ਚੁੱਕੀ ਸੀ। ਡੀਐਸਪੀ ਹਰਮਨਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।



Source link