Ludhiana Gurdwara Firing : ਲੁਧਿਆਣਾ ਦਿਹਾਤੀ ਪੁਲਿਸ ਨੇ ਪਿੰਡ ਰਾਜੋਆਣਾ ਕਲਾਂ ਸਥਿਤ ਗੁਰਦੁਆਰਾ ਮੰਜੀ ਸਾਹਿਬ ਵਿਖੇ ਫਾਇਰਿੰਗ ਕਰਨ ਦੇ ਮਾਮਲੇ ਵਿੱਚ ਮੁੱਖ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਕਰੀਬ 200 ਕਿਲੋਮੀਟਰ ਦੇ ਰਸਤੇ ‘ਤੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲ ਕੇ ਮੁਲਜ਼ਮ ਦੀ ਪਛਾਣ ਕੀਤੀ ਅਤੇ ਉਸ ਨੂੰ ਕਾਬੂ ਕੀਤਾ। ਪੁਲਿਸ ਹੁਣ ਦੂਜੇ ਸ਼ੂਟਰ ਦੀ ਭਾਲ ਕਰ ਰਹੀ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰਾਜ ਸਿੰਘ ਉਰਫ਼ ਰਾਜੂ ਵਾਸੀ ਨੂਰਪੁਰ, ਮਛੀਵਾੜਾ, ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ।
ਐੱਸਐੱਸਪੀ ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ 28 ਅਕਤੂਬਰ ਦੀ ਸਵੇਰ ਕਰੀਬ 3:10 ਵਜੇ ਦੋ ਨਕਾਬਪੋਸ਼ ਵਿਅਕਤੀ ਮੋਟਰਸਾਈਕਲ ‘ਤੇ ਸਵਾਰ ਹੋ ਕੇ ਗੁਰਦੁਆਰਾ ਮੰਜੀ ਸਾਹਿਬ ਦੇ ਅੰਦਰ ਦਾਖ਼ਲ ਹੋਏ ਸਨ। ਉਨ੍ਹਾਂ ਨੇ ਉੱਥੇ ਫਾਇਰਿੰਗ ਕੀਤੀ ਅਤੇ ਫਿਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਸਬੰਧੀ ਥਾਣਾ ਸੁਧਾਰ ਵਿਖੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ।
200 ਕਿਲੋਮੀਟਰ ਦੇ ਰੂਟ ਦੀ CCTV ਫੁਟੇਜ ਖੰਗਾਲੀ
ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਲੁਧਿਆਣਾ ਦੇਹਾਤ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਸਾਂਝੇ ਤੌਰ ‘ਤੇ ਜਾਂਚ ਕੀਤੀ। ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਲੈ ਕੇ ਮੁਲਜ਼ਮਾਂ ਦੇ ਆਉਣ ਅਤੇ ਜਾਣ ਵਾਲੇ ਕਰੀਬ 200 ਕਿਲੋਮੀਟਰ ਦੇ ਰਸਤੇ ‘ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ। ਤਕਨੀਕੀ ਜਾਂਚ ਅਤੇ ਮਨੁੱਖੀ ਸੂਚਨਾਵਾਂ ਦੇ ਆਧਾਰ ‘ਤੇ ਪੁਲਿਸ ਮੁੱਖ ਸ਼ੂਟਰ ਤੱਕ ਪਹੁੰਚਣ ਵਿੱਚ ਕਾਮਯਾਬ ਰਹੀ।
ਸੇਵਾਦਾਰ ਨੂੰ ਬਲੈਕਮੇਲ ਕਰਨ ਲਈ ਦਿੱਤੀਆਂ ਜਾ ਰਹੀਆਂ ਸਨ ਧਮਕੀਆਂ
ਪੁਲਿਸ ਦੀ ਮੁੱਢਲੀ ਜਾਂਚ ਅਤੇ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁਲਵੰਤ ਸਿੰਘ ਨੂੰ ਬਲੈਕਮੇਲ ਕਰਨ ਦੇ ਮਕਸਦ ਨਾਲ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਇਸੇ ਕੜੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਫਾਇਰਿੰਗ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਦੂਜੇ ਸ਼ੂਟਰ ਦੀ ਭਾਲ ਜਾਰੀ
ਪੁਲਿਸ ਨੇ ਗ੍ਰਿਫ਼ਤਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਐੱਸਐੱਸਪੀ ਡਾ. ਅੰਕੁਰ ਗੁਪਤਾ ਮੁਤਾਬਕ ਲੁਧਿਆਣਾ ਦਿਹਾਤੀ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਦੀਆਂ ਟੀਮਾਂ ਨੇ ਪਿੰਡ ਗਗੜਾ ਸਥਿਤ ਗੁਰਦੁਆਰਾ ਗੋਪਾਲਸਰ ਸਾਹਿਬ ਅਤੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿਖੇ ਫਾਇਰਿੰਗ ਦੀਆਂ ਘਟਨਾਵਾਂ ਨੂੰ ਵੀ ਟਰੇਸ ਕੀਤਾ ਹੈ। ਪੁਲਿਸ ਵੱਲੋਂ ਦੂਜੇ ਸ਼ੂਟਰ ਦੀ ਭਾਲ ਲਈ ਕਾਰਵਾਈ ਜਾਰੀ ਹੈ।
