Patiala ‘ਚ ਪ੍ਰਾਪਰਟੀ ਡੀਲਰ ‘ਤੇ ਫਾਇਰਿੰਗ ਕਰਨ ਵਾਲੇ 2 ਸ਼ੂਟਰ ਪੁਲਿਸ ਮੁਕਾਬਲੇ ‘ਚ ਜ਼ਖ਼ਮੀ


Patiala Property Dealer Firing : ਪਟਿਆਲਾ ‘ਚ ਪ੍ਰਾਪਰਟੀ ਡੀਲਰ ਸੁਖਵਿੰਦਰ ਸਿੰਘ ਗਾਗੂ ‘ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਮੁਕਾਬਲੇ ਤੋਂ ਬਾਅਦ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਜ਼ਖ਼ਮੀ ਮੁਲਜ਼ਮਾਂ ਦੀ ਪਛਾਣ ਪਟਿਆਲਾ ਵਾਸੀ ਸਨੀ ਅਤੇ ਅਸ਼ਵਨੀ ਵਜੋਂ ਹੋਈ ਹੈ। ਪੁਲਿਸ ਮੁਤਾਬਕ ਦੋਵਾਂ ਨੇ ਬੀਤੇ ਦਿਨ ਯੋਗੇਸ਼ ਨੇਗੀ ਨਾਲ ਮਿਲ ਕੇ ਪ੍ਰਾਪਰਟੀ ਡੀਲਰ ਸੁਖਵਿੰਦਰ ਸਿੰਘ ਗਾਗੂ ‘ਤੇ ਗੋਲੀਆਂ ਚਲਾਈਆਂ ਸਨ।

ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋਵੇਂ ਸ਼ੂਟਰ ਡਕਾਲਾ ਰੋਡ ਵੱਲ ਆ ਰਹੇ ਹਨ। ਇਸ ਤੋਂ ਬਾਅਦ ਪੁਲਿਸ ਟੀਮ ਨੇ ਬੀੜ ਖੇੜੀ ਗੁੱਜਰਾਂ ਇਲਾਕੇ ਵਿੱਚ ਨਾਕਾਬੰਦੀ ਕਰ ਦਿੱਤੀ। ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਿਸ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੁਲਜ਼ਮਾਂ ਵੱਲੋਂ ਚਲਾਈਆਂ ਗਈਆਂ ਦੋ ਗੋਲੀਆਂ ਪੁਲਿਸ ਦੀ ਗੱਡੀ ਵਿੱਚ ਲੱਗੀਆਂ।

ਜਵਾਬੀ ਫਾਇਰਿੰਗ ‘ਚ ਦੋਵੇਂ ਸ਼ੂਟਰ ਜ਼ਖ਼ਮੀ

ਪੁਲਿਸ ਨੇ ਆਪਣੀ ਸੁਰੱਖਿਆ ਲਈ ਜਵਾਬੀ ਫਾਇਰਿੰਗ ਕੀਤੀ, ਜਿਸ ਵਿੱਚ ਸਨੀ ਅਤੇ ਅਸ਼ਵਨੀ ਜ਼ਖ਼ਮੀ ਹੋ ਗਏ। ਪੁਲਿਸ ਨੇ ਦੋਵਾਂ ਨੂੰ ਕਾਬੂ ਕਰਕੇ ਹਸਪਤਾਲ ਪਹੁੰਚਾਇਆ। ਮੌਕੇ ਤੋਂ ਪੁਲਿਸ ਨੇ ਬਿਨਾਂ ਨੰਬਰ ਪਲੇਟ ਵਾਲੀ ਇੱਕ ਮੋਟਰਸਾਈਕਲ ਅਤੇ .30 ਬੋਰ ਤੇ .32 ਬੋਰ ਦੇ ਦੋ ਪਿਸਤੌਲ ਬਰਾਮਦ ਕੀਤੇ ਹਨ। ਹੁਣ ਪੁਲਿਸ ਤੀਜੇ ਮੁਲਜ਼ਮ ਯੋਗੇਸ਼ ਨੇਗੀ ਦੀ ਭਾਲ ਕਰ ਰਹੀ ਹੈ। ਇਸ ਦੇ ਨਾਲ ਹੀ ਫਾਇਰਿੰਗ ਪਿੱਛੇ ਦੀ ਪੂਰੀ ਸਾਜ਼ਿਸ਼ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।

 

 



Source link