Punjab Police constable arrested : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਦੌਰਾਨ ਖੰਨਾ ਵਿੱਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ। ਪੁਲਿਸ ਨੇ ਆਪਣੇ ਹੀ ਇੱਕ ਸਿਪਾਹੀ ਨੂੰ 10 ਗ੍ਰਾਮ ਹੈਰੋਇਨ (ਚਿੱਟਾ) ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ ਇੱਕ ਪੰਜਾਬ ਹੋਮਗਾਰਡ ਜਵਾਨ ਨੂੰ ਡਿਊਟੀ ਦੌਰਾਨ ਨਸ਼ੇ ਦੀ ਹਾਲਤ ਵਿੱਚ ਮਿਲਣ ਤੋਂ ਬਾਅਦ ਕਾਬੂ ਕੀਤਾ ਗਿਆ।
ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਅਧਿਕਾਰੀਆਂ ਨਾਲ ਨਸ਼ਿਆਂ ਨੂੰ ਲੈ ਕੇ ਕੀਤੀ ਗਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਹੋਈ ਹੈ। ਵਿਭਾਗ ਵੱਲੋਂ ਦੋਵਾਂ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸਸਪੈਂਡ ਵੀ ਕੀਤਾ ਗਿਆ ਹੈ।
ਗੁਪਤ ਸੂਚਨਾ ’ਤੇ ਪੁਲਿਸ ਨੇ ਲਾਇਆ ਟਰੈਪ
ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਖੰਨਾ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੇ ਕਥਿਤ ਤੌਰ ’ਤੇ ਨਸ਼ਾ ਤਸਕਰਾਂ ਨਾਲ ਸਬੰਧ ਹਨ। ਇਸ ਤੋਂ ਬਾਅਦ ਪੁਲਿਸ ਨੇ ਟਰੈਪ ਲਗਾ ਕੇ ਸਿਪਾਹੀ ਅਰੁਣ ਸ਼ਰਮਾ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ।
ਅਰੁਣ ਸ਼ਰਮਾ ਖੰਨਾ ਵਿੱਚ ਹੀ ਤਾਇਨਾਤ ਸੀ। ਪੁਲਿਸ ਮੁਤਾਬਕ ਉਹ ਖੁਦ ਵੀ ਲੰਬੇ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ ਅਤੇ ਉਸ ’ਤੇ ਹੈਰੋਇਨ ਵੇਚਣ ਵਿੱਚ ਸ਼ਾਮਲ ਹੋਣ ਦੇ ਆਰੋਪ ਵੀ ਹਨ। ਉਸ ਖ਼ਿਲਾਫ਼ ਥਾਣਾ ਸਿਟੀ-2 ਖੰਨਾ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਹੁਣ ਪੁਲਿਸ ਉਸ ਦੇ ਕਥਿਤ ਨਸ਼ਾ ਸਪਲਾਈ ਨੈੱਟਵਰਕ ਅਤੇ ਇਸ ਨਾਲ ਜੁੜੀਆਂ ਹੋਰ ਕੜੀਆਂ ਦੀ ਜਾਂਚ ਕਰ ਰਹੀ ਹੈ।
ਡਿਊਟੀ ਦੌਰਾਨ ਨਸ਼ੇ ਦੀ ਹਾਲਤ ’ਚ ਮਿਲਿਆ ਹੋਮਗਾਰਡ
ਇੱਕ ਹੋਰ ਕਾਰਵਾਈ ਵਿੱਚ ਖੰਨਾ ਪੁਲਿਸ ਨੇ ਪੰਜਾਬ ਹੋਮਗਾਰਡ ਦੇ ਜਵਾਨ ਪ੍ਰਿੰਸ ਨੂੰ ਡਿਊਟੀ ਦੌਰਾਨ ਨਸ਼ੇ ਦੀ ਹਾਲਤ ਵਿੱਚ ਕਾਬੂ ਕੀਤਾ। ਪੁਲਿਸ ਨੂੰ ਸ਼ੱਕ ਹੋਣ ’ਤੇ ਉਸ ਨੂੰ ਸਿਵਲ ਹਸਪਤਾਲ ਖੰਨਾ ਲਿਜਾਇਆ ਗਿਆ, ਜਿੱਥੇ ਉਸ ਦਾ ਡੋਪ ਟੈਸਟ ਕਰਵਾਇਆ ਗਿਆ। ਪੁਲਿਸ ਅਨੁਸਾਰ ਡੋਪ ਟੈਸਟ ਦੀ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹੋਮਗਾਰਡ ਜਵਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਦਿਆਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
