Jalandhar Railway Station Accident : ਜਲੰਧਰ ਸਿਟੀ ਰੇਲਵੇ ਸਟੇਸ਼ਨ ’ਤੇ ਬੁੱਧਵਾਰ ਦੁਪਹਿਰ ਇੱਕ ਦਰਦਨਾਕ ਹਾਦਸੇ ਵਿੱਚ 45 ਸਾਲਾ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੀ 13 ਸਾਲਾ ਧੀ ਗੰਭੀਰ ਜ਼ਖਮੀ ਹੋ ਗਈ। ਮ੍ਰਿਤਕ ਦੀ ਪਛਾਣ ਪੱਛਮੀ ਦਿੱਲੀ ਦੇ ਵਿਸ਼ਨੂੰ ਗਾਰਡਨ ਵਾਸੀ ਸ਼ਮਸ਼ੇਰ ਸਿੰਘ ਸੰਧੂ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਸ਼ਮਸ਼ੇਰ ਸਿੰਘ ਆਪਣੀ ਧੀ ਹਰਲੀਨ ਕੌਰ ਨਾਲ ਨਵੀਂ ਦਿੱਲੀ ਤੋਂ ਬਿਆਸ ਡੇਰੇ ਜਾ ਰਹੇ ਸਨ। ਸ਼ਾਨ-ਏ-ਪੰਜਾਬ ਟਰੇਨ ਜਲੰਧਰ ਸਿਟੀ ਸਟੇਸ਼ਨ ’ਤੇ ਰੁਕੀ ਤਾਂ ਸ਼ਮਸ਼ੇਰ ਸਿੰਘ ਕੁਝ ਖਾਣ-ਪੀਣ ਦਾ ਸਮਾਨ ਲੈਣ ਲਈ ਹੇਠਾਂ ਉਤਰ ਗਏ। ਇਸ ਦੌਰਾਨ ਉਨ੍ਹਾਂ ਦੀ ਧੀ ਵੀ ਟਰੇਨ ਦੇ ਦਰਵਾਜ਼ੇ ਕੋਲ ਖੜ੍ਹੀ ਆਪਣੇ ਪਿਤਾ ਦੀ ਉਡੀਕ ਕਰ ਰਹੀ ਸੀ।
ਅਚਾਨਕ ਟਰੇਨ ਦੇ ਚੱਲਣ ਅਤੇ ਝਟਕਾ ਲੱਗਣ ਕਾਰਨ ਹਰਲੀਨ ਦਾ ਪੈਰ ਫਿਸਲ ਗਿਆ ਅਤੇ ਉਹ ਹੇਠਾਂ ਡਿੱਗ ਕੇ ਗੰਭੀਰ ਜ਼ਖਮੀ ਹੋ ਗਈ। ਧੀ ਨੂੰ ਬਚਾਉਣ ਲਈ ਸ਼ਮਸ਼ੇਰ ਸਿੰਘ ਦੌੜੇ। ਇਸ ਦੌਰਾਨ ਉਨ੍ਹਾਂ ਦਾ ਪੈਰ ਟਰੇਨ ਅਤੇ ਪਲੇਟਫਾਰਮ ਵਿਚਕਾਰ ਫਸ ਗਿਆ ਅਤੇ ਉਹ ਹੇਠਾਂ ਡਿੱਗ ਗਏ। ਸਿਰ ’ਤੇ ਗੰਭੀਰ ਸੱਟ ਲੱਗਣ ਕਾਰਨ ਉਨ੍ਹਾਂ ਦੀ ਹਾਲਤ ਨਾਜ਼ੁਕ ਹੋ ਗਈ।
ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਨੇ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਸ਼ਮਸ਼ੇਰ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਹਰਲੀਨ ਨੂੰ ਮੁੱਢਲਾ ਇਲਾਜ ਦੇਣ ਤੋਂ ਬਾਅਦ ਰੈਫਰ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰ ਉਸ ਨੂੰ ਅੱਗੇ ਇਲਾਜ ਲਈ ਹਰਿਆਣਾ ਦੇ ਸਿਰਸਾ ਸਥਿਤ ਨਿੱਜੀ ਹਸਪਤਾਲ ਲੈ ਗਏ।
GRP ਥਾਣੇ ਦੇ SHO ਬਲਵੀਰ ਸਿੰਘ ਮੁਤਾਬਕ ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਸ਼ਮਸ਼ੇਰ ਸਿੰਘ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
