ਆਤਿਸ਼ ਗੁਪਤਾ
ਚੰਡੀਗੜ੍ਹ, 2 ਮਾਰਚ
ਪੰਜਾਬ ਸਰਕਾਰ ਨੇ ਪਹਿਲਕਦਮੀ ਕਰਦਿਆਂ ਸਰਕਾਰੀ ਸਕੂਲਾਂ ਦੀਆਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਦੀ ਕਰੀਅਰ ਪ੍ਰਤੀ ਰੁਚੀ, ਸਮਰੱਥਾ ਅਤੇ ਯੋਗਤਾ ਦਾ ਪਤਾ ਲਗਾਉਣ ਲਈ ਉਨ੍ਹਾਂ ਦਾ ਸਾਇਕੋਮੈਟਰਿਕ ਟੈਸਟ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟਰੇਨਿੰਗ (ਐਸ.ਸੀ.ਈ.ਆਰ.ਟੀ.) ਵੱਲੋਂ 10ਵੀਂ ਜਮਾਤ ਦੀਆਂ ਵਿਦਿਆਰਥਣਾਂ ਦੇ ਸਾਇਕੋਮੈਟਰਿਕ ਟੈਸਟ ਲਈ ਸਾਰੇ ਜ਼ਿਲ੍ਹਿਆਂ ਨੂੰ 6.56 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਇਸ ਪ੍ਰੋਗਰਾਮ ਤਹਿਤ 31 ਮਾਰਚ, 2025 ਤੱਕ 10ਵੀਂ ਜਮਾਤ ਵਿੱਚ ਪੜ੍ਹਦੀਆਂ ਸਾਰੀਆਂ 93,819 ਵਿਦਿਆਰਥਣਾਂ ਦਾ ਟੈਸਟ ਕੀਤਾ ਜਾਵੇਗਾ।
ਸ੍ਰੀ ਬੈਂਸ ਨੇ ਕਿਹਾ ਕਿ ਇਸ ਪ੍ਰੋਜੈਕਟ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸੂਬੇ ਭਰ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀਆਂ ਆਪੋ-ਆਪਣੇ ਜ਼ਿਲ੍ਹਿਆਂ ਦੇ ਅੰਦਰ ਟੈਸਟਿੰਗ ਪ੍ਰਕਿਰਿਆ ਅਤੇ ਸਾਰੇ ਕਾਰਜਾਂ ਦੀ ਨਿਗਰਾਨੀ ਕਰਨਗੀਆਂ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀਆਂ ਮਾਨਸਿਕ ਸਮਰੱਥਾਵਾਂ, ਰੁਚੀਆਂ ਅਤੇ ਸ਼ਖਸੀਅਤ ਦੇ ਗੁਣਾਂ ਦਾ ਵਿਸ਼ਲੇਸ਼ਣ ਕਰਨਾ ਹੈ ਤਾਂ ਜੋ ਉਨ੍ਹਾਂ ਦਾ ਢੁਕਵੇਂ ਕਰੀਅਰ ਦੀ ਚੋਣ ਕਰਨ ਵਿੱਚ ਮਾਰਗਦਰਸ਼ਨ ਕੀਤਾ ਜਾ ਸਕੇ।
The post Punjab News: ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਦੀ ਯੋਗਤਾ ਤੇ ਰੁਚੀ ਦਾ ਪਤਾ ਲਗਾਉਣ ਲਈ ਹੋਵੇਗਾ ਸਾਇਕੋਮੈਟਰਿਕ ਟੈਸਟ appeared first on Punjabi Tribune.









