Simarjit Singh Bains News : ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਪਟਿਆਲਾ ਦੀ ਸੀਜੇਐੱਮ (CJM) ਏਕਤਾ ਸਹੋਤਾ ਦੀ ਅਦਾਲਤ ਨੇ ਉਨ੍ਹਾਂ ਨੂੰ ਭਾਰਤੀ ਦੰਡ ਸੰਹਿਤਾ (IPC) ਦੀ ਧਾਰਾ 500 ਤਹਿਤ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸਜ਼ਾ ਦੇ ਹੁਕਮ ਵਿੱਚ ਕੋਈ ਜੁਰਮਾਨਾ ਨਹੀਂ ਲਗਾਇਆ।
2018 ਦੇ ਦਵਾਈਆਂ ਦੀ ਖਰੀਦ ਮਾਮਲੇ ਨਾਲ ਜੁੜਿਆ ਵਿਵਾਦ
ਇਹ ਮਾਮਲਾ ਸਾਲ 2018 ਦਾ ਹੈ, ਜਦੋਂ ਪੰਜਾਬ ਦੇ ਸਿਹਤ ਵਿਭਾਗ ਵਿੱਚ ਦਵਾਈਆਂ ਦੀ ਖਰੀਦ ਅਤੇ ਨਸ਼ਾ ਛੁਡਾਊ ਕੇਂਦਰਾਂ ਨੂੰ ਦਵਾਈਆਂ ਦੀ ਸਪਲਾਈ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਲੱਗੇ ਸਨ। ਉਸ ਸਮੇਂ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਤਤਕਾਲੀ ਸਿਹਤ ਮੰਤਰੀ ਬ੍ਰਹਮ ਮਹਿੰਦਰਾ ’ਤੇ ਗੰਭੀਰ ਦੋਸ਼ ਲਗਾਏ ਸਨ।
ਬੈਂਸ ਨੇ ਦਾਅਵਾ ਕੀਤਾ ਸੀ ਕਿ ਬ੍ਰਹਮ ਮਹਿੰਦਰਾ ਦੇ ਫਾਰਮਾ ਕੰਪਨੀ ‘ਆਰਬਰ ਬਾਇਓਟੈਕ’ (Arbour Biotech) ਨਾਲ ਕਥਿਤ ਸਬੰਧ ਹਨ ਅਤੇ ਸਿਹਤ ਵਿਭਾਗ ਵਿੱਚ ਦਵਾਈਆਂ ਦੀ ਖਰੀਦ ਦੌਰਾਨ ਵੱਡੀਆਂ ਬੇਨਿਯਮੀਆਂ ਹੋਈਆਂ ਹਨ।
ਦੋਸ਼ਾਂ ਦੇ ਹੱਕ ਵਿੱਚ ਠੋਸ ਸਬੂਤ ਪੇਸ਼ ਨਹੀਂ ਕਰ ਸਕੇ ਬੈਂਸ
ਬ੍ਰਹਮ ਮਹਿੰਦਰਾ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਅਤੇ ਆਪਣੀ ਸਾਖ ਨੂੰ ਨੁਕਸਾਨ ਪਹੁੰਚਾਉਣ ਵਾਲਾ ਦੱਸਦਿਆਂ ਅਦਾਲਤ ਵਿੱਚ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਨੇ ਪਾਇਆ ਕਿ ਸਿਮਰਜੀਤ ਸਿੰਘ ਬੈਂਸ ਵੱਲੋਂ ਲਗਾਏ ਗਏ ਦੋਸ਼ਾਂ ਦੇ ਹੱਕ ਵਿੱਚ ਲੋੜੀਂਦੇ ਅਤੇ ਠੋਸ ਸਬੂਤ ਪੇਸ਼ ਨਹੀਂ ਕੀਤੇ ਗਏ।
ਮੁੱਖ ਨਿਆਂਇਕ ਮੈਜਿਸਟ੍ਰੇਟ ਏਕਤਾ ਸਹੋਤਾ ਨੇ ਆਪਣੇ ਫ਼ੈਸਲੇ ਵਿੱਚ ਕਿਹਾ ਕਿ ਬਿਨਾਂ ਸਬੂਤਾਂ ਦੇ ਲਗਾਏ ਗਏ ਦੋਸ਼ਾਂ ਕਾਰਨ ਸ਼ਿਕਾਇਤਕਰਤਾ ਦੀ ਸਮਾਜਿਕ ਅਤੇ ਸਿਆਸੀ ਸਾਖ ਨੂੰ ਨੁਕਸਾਨ ਪਹੁੰਚਿਆ ਹੈ। ਇਸ ਆਧਾਰ ’ਤੇ ਅਦਾਲਤ ਨੇ ਸਿਮਰਜੀਤ ਸਿੰਘ ਬੈਂਸ ਨੂੰ ਦੋਸ਼ੀ ਕਰਾਰ ਦਿੰਦਿਆਂ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
