Jalandhar News : ਜਲੰਧਰ ਦੇ ਲੋਹੀਆਂ ਖ਼ਾਸ ਇਲਾਕੇ ਦੇ ਪਿੰਡ ਗੱਟੀ ਰਾਏਪੁਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ 15 ਸਾਲਾ ਵਿਦਿਆਰਥੀ ਦੀ ਜਾਨ ਚਲੀ ਗਈ। ਮ੍ਰਿਤਕ ਦੀ ਪਛਾਣ ਹੁਸਨਦੀਪ ਸਿੰਘ ਪੁੱਤਰ ਜਸਵੰਤ ਸਿੰਘ ਵਜੋਂ ਹੋਈ ਹੈ। ਹੁਸਨਦੀਪ ਅਕਾਲ ਗਲੈਕਸੀ ਕਾਨਵੈਂਟ ਸਕੂਲ, ਲੋਹੀਆਂ ਵਿੱਚ ਨੌਵੀਂ ਜਮਾਤ ਦਾ ਵਿਦਿਆਰਥੀ ਸੀ।
ਜਾਣਕਾਰੀ ਅਨੁਸਾਰ ਗੁਰਪੁਰਬ ਮੌਕੇ ਹੁਸਨਦੀਪ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਕਰਨ ਗਿਆ ਹੋਇਆ ਸੀ। ਸੇਵਾ ਕਰਨ ਤੋਂ ਬਾਅਦ ਉਹ ਮੋਟਰਸਾਈਕਲ ‘ਤੇ ਪਿੰਡ ਦੀ ਦੁਕਾਨ ਤੋਂ ਕੁਝ ਸਾਮਾਨ ਲੈਣ ਲਈ ਨਿਕਲਿਆ। ਇਸ ਦੌਰਾਨ ਰਸਤੇ ਵਿੱਚ ਇੱਕ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਟੱਕਰ ਇੰਨੀ ਭਿਆਨਕ ਸੀ ਕਿ ਹੁਸਨਦੀਪ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਹਾਦਸੇ ਤੋਂ ਬਾਅਦ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਉੱਥੋਂ ਲੰਘ ਰਹੇ ਲੋਕਾਂ ਨੇ ਜਦੋਂ ਵਿਦਿਆਰਥੀ ਨੂੰ ਜ਼ਖਮੀ ਹਾਲਤ ਵਿੱਚ ਦੇਖਿਆ ਤਾਂ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ। ਇਸ ਤੋਂ ਬਾਅਦ ਪਿਤਾ ਜਸਵੰਤ ਸਿੰਘ ਅਤੇ ਪਿੰਡ ਵਾਸੀ ਉਸ ਨੂੰ ਤੁਰੰਤ ਲੋਹੀਆਂ ਦੇ ਜੋਸਨ ਹਸਪਤਾਲ ਲੈ ਕੇ ਪਹੁੰਚੇ, ਪਰ ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਹੁਸਨਦੀਪ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਅਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਪੁੱਤਰ ਦੀ ਅਚਾਨਕ ਮੌਤ ਨਾਲ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ।
ਉੱਧਰ, ਸਕੂਲ ਦੀ ਪ੍ਰਿੰਸੀਪਲ ਅਮਨਪ੍ਰੀਤ ਕੌਰ ਨੇ ਵੀ ਵਿਦਿਆਰਥੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਲੋਹੀਆਂ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਤੋਂ ਬਾਅਦ ਫ਼ਰਾਰ ਹੋਏ ਅਣਪਛਾਤੇ ਵਾਹਨ ਚਾਲਕ ਦੀ ਭਾਲ ਜਾਰੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ ‘ਤੇ ਵੀ ਫੋਲੋ ਕਰ ਸਕਦੇ ਹੋ।
