Today News : ਪੰਜਾਬ ਵਿੱਚ ਮਾਨਸੂਨ ਦੀ ਐਂਟਰੀ ਹੋਣ ਦੇ ਬਾਵਜੂਦ ਮੀਂਹ ਦੀ ਰਫ਼ਤਾਰ ਹਾਲੇ ਵੀ ਸੁਸਤ ਹੈ। ਲੋੜ ਅਨੁਸਾਰ ਬਾਰਿਸ਼ ਨਾ ਹੋਣ ਕਾਰਨ ਸੂਬੇ ਭਰ ਵਿੱਚ ਗਰਮੀ ਅਤੇ ਉਮਸ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਸੂਬੇ ਵਿੱਚ ਫਰੀਦਕੋਟ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 42.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਗਰਮੀ ਕਾਰਨ ਲੋਕਾਂ ਨੂੰ ਦਿਨ ਦੇ ਸਮੇਂ ਘਰਾਂ ਤੋਂ ਬਾਹਰ ਨਿਕਲਣ ਵਿੱਚ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਨੇ 8 ਅਤੇ 9 ਜੁਲਾਈ ਲਈ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਅਗਲੇ 48 ਘੰਟੇ ਮੌਸਮ ਦੇ ਹਿਸਾਬ ਨਾਲ ਕਾਫ਼ੀ ਮਹੱਤਵਪੂਰਨ ਰਹਿਣਗੇ। ਅੱਜ ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਫਤਿਹਗੜ੍ਹ ਸਾਹਿਬ, ਰੂਪਨਗਰ ਅਤੇ ਮੋਹਾਲੀ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ ਅਤੇ ਪਟਿਆਲਾ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਤਰਨ ਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ ਅਤੇ ਬਠਿੰਡਾ ਵਿੱਚ ਵੀ ਛਿਟਪੁੱਟ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਨੇ ਕੁਝ ਇਲਾਕਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਵੀ ਸੰਭਾਵਨਾ ਜਤਾਈ ਹੈ।
ਉੱਧਰ, ਗਰਮੀ ਅਤੇ ਉਮਸ ਕਾਰਨ ਸੂਬੇ ਵਿੱਚ ਬਿਜਲੀ ਦੀ ਮੰਗ ਵੀ ਰਿਕਾਰਡ ਪੱਧਰ ‘ਤੇ ਪਹੁੰਚ ਗਈ ਹੈ। ਮੰਗਲਵਾਰ ਨੂੰ ਪੰਜਾਬ ਵਿੱਚ ਬਿਜਲੀ ਦੀ ਕੁੱਲ ਮੰਗ 15,003 ਮੈਗਾਵਾਟ ਦਰਜ ਕੀਤੀ ਗਈ। ਇਸ ਵਿੱਚੋਂ 4,673 ਮੈਗਾਵਾਟ ਬਿਜਲੀ ਦਾ ਉਤਪਾਦਨ ਸੂਬੇ ਅੰਦਰ ਕੀਤਾ ਗਿਆ, ਜਦਕਿ 10,578 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਪ੍ਰਾਪਤ ਕੀਤੀ ਗਈ। ਇਸ ਦੌਰਾਨ ਗਰਿੱਡ ਦੀ ਫ੍ਰੀਕੁਐਂਸੀ 50.05 ਹਰਟਜ਼ ਦਰਜ ਕੀਤੀ ਗਈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਚੰਗੀ ਬਾਰਿਸ਼ ਹੁੰਦੀ ਹੈ ਤਾਂ ਗਰਮੀ ਤੋਂ ਰਾਹਤ ਮਿਲਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵਿੱਚ ਵੀ ਕਮੀ ਆ ਸਕਦੀ ਹੈ।
ਕਾਂਗਰਸ ‘ਚ ਪਏ ਪਾੜ ‘ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!






