ਨਵੀਂ ਦਿੱਲੀ, 1 ਅਪਰੈਲ
Congress issues whip to its Lok Sabha MPs to remain present in House for next 3 days: ਵਿਵਾਦਤ ਵਕਫ਼ ਸੋਧ ਬਿੱਲ ਭਲਕੇ 12 ਵਜੇ ਪ੍ਰਸ਼ਨ ਕਾਲ ਤੋਂ ਬਾਅਦ ਲੋਕ ਸਭਾ ’ਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਨੇ ਅੱਜ ਆਪਣੇ ਸੰਸਦ ਮੈਂਬਰਾਂ ਨੂੰ ਲੋਕ ਸਭਾ ਵਿੱਚ ਮੌਜੂਦ ਰਹਿਣ ਲਈ ਵ੍ਹਿਪ ਜਾਰੀ ਕਰਦਿਆਂ ਅਗਲੇ ਤਿੰਨ ਦਿਨ ਮੌਜੂਦ ਰਹਿਣ ਲਈ ਕਿਹਾ ਹੈ। ਸਪੀਕਰ ਓਮ ਬਿਰਲਾ ਨੇ ਇਸ ਬਿੱਲ ’ਤੇ ਅੱਠ ਘੰਟੇ ਚਰਚਾ ਕਰਨ ਦਾ ਸਮਾਂ ਨਿਰਧਾਰਿਤ ਕੀਤਾ ਹੈ। ਇਸ ਤੋਂ ਬਾਅਦ ਇਹ ਬਿੱਲ ਲੋਕ ਸਭਾ ਵਿਚ ਪਾਸ ਕਰ ਦਿੱਤਾ ਜਾਵੇਗਾ ਪਰ ਇਸ ਬਿੱਲ ਨੂੰ ਪੇਸ਼ ਕੀਤੇ ਜਾਣ ਨਾਲ ਕਾਂਗਰਸ ਦੀ ਅਗਵਾਈ ਹੇਠਲੀ ਵਿਰੋਧੀ ਧਿਰ ਅਤੇ ਕੇਂਦਰ ਵਿਚਕਾਰ ਟਕਰਾਅ ਪੈਦਾ ਹੋ ਸਕਦਾ ਹੈ। ਹੱਦਬੰਦੀ ਅਤੇ ਤਿੰਨ ਭਾਸ਼ਾਈ ਫਾਰਮੂਲੇ ਨੂੰ ਲੈ ਕੇ ਪਹਿਲਾਂ ਤੋਂ ਹੀ ਵਿਰੋਧੀ ਧਿਰ ਅਤੇ ਸਰਕਾਰ ਆਹਮੋ-ਸਾਹਮਣੇ ਹਨ। ਟੀਡੀਪੀ ਵੱਲੋਂ ਮੁਸਲਮਾਨਾਂ ਦੇ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤੇ ਜਾਣ ਕਾਰਨ ਹੁਕਮਰਾਨ ਐੱਨਡੀਏ ’ਚ ਵੀ ਦੂਰੀਆਂ ਵਧਣ ਦਾ ਖ਼ਦਸ਼ਾ ਹੈ।
ਪਿਛਲੇ ਹਫ਼ਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਟੀਡੀਪੀ ਮੁਖੀ ਚੰਦਰਬਾਬੂ ਨਾਇਡੂ ਨੇ ਸੂਬੇ ’ਚ ਵਕਫ਼ ਜਾਇਦਾਦਾਂ ਅਤੇ ਹਾਸ਼ੀਏ ’ਤੇ ਧੱਕੇ ਮੁਸਲਮਾਨਾਂ ਦੇ ਪਰਿਵਾਰਾਂ ਦਾ ਜਿਊਣ ਪੱਧਰ ਉੱਚਾ ਚੁੱਕਣ ਦਾ ਵਾਅਦਾ ਦੁਹਰਾਇਆ ਸੀ। ਇਸ ਤੋਂ ਪਹਿਲਾਂ ਐੱਨਡੀਏ ਦੀਆਂ ਦੋ ਹੋਰ ਭਾਈਵਾਲ ਪਾਰਟੀਆਂ ਜਨਤਾ ਦਲ (ਯੂ) ਅਤੇ ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਵੀ ਬਿੱਲ ’ਤੇ ਆਪਣੇ ਖ਼ਦਸ਼ੇ ਜ਼ਾਹਿਰ ਕਰ ਚੁੱਕੀਆਂ ਹਨ। ਸੂਤਰਾਂ ਨੇ ਕਿਹਾ ਕਿ ਬਿਹਾਰ ’ਚ ਮੁਸਲਮਾਨਾਂ ਦਾ ਵੱਡਾ ਵੋਟ ਬੈਂਕ ਹੋਣ ਕਾਰਨ ਉਕਤ ਦੋਵੇਂ ਪਾਰਟੀਆਂ ਉਨ੍ਹਾਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੀਆਂ ਹਨ। ਅਜਿਹੇ ਹਾਲਾਤ ’ਚ ਬਿੱਲ ਸੰਸਦ ’ਚ ਪੇਸ਼ ਕੀਤੇ ਜਾਣ ਨਾਲ ਹੁਕਮਰਾਨ ਭਾਜਪਾ ਨੂੰ ਝਟਕਾ ਲੱਗ ਸਕਦਾ ਹੈ।
ਕੇਂਦਰੀ ਮੰਤਰੀ ਮੰਡਲ ਨੇ ਸੰਸਦੀ ਕਮੇਟੀ ਦੀਆਂ ਸਿਫ਼ਾਰਸ਼ਾਂ ਮੰਨਦਿਆਂ ਪਿਛਲੇ ਮਹੀਨੇ ਵਕਫ਼ ਬਿੱਲ ’ਚ ਪ੍ਰਸਤਾਵਿਤ ਸੋਧਾਂ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਇਸ ਮਗਰੋਂ ਬਿੱਲ ਸੰਸਦ ’ਚ ਪੇਸ਼ ਕੀਤੇ ਜਾਣ ਦਾ ਰਾਹ ਪੱਧਰਾ ਹੋ ਗਿਆ ਸੀ। ਬਿੱਲ ਪਿਛਲੇ ਸਾਲ ਘੱੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਅਗਸਤ ’ਚ ਸਾਂਝੀ ਸੰਸਦੀ ਕਮੇਟੀ ਹਵਾਲੇ ਕੀਤਾ ਸੀ। ਸੰਸਦੀ ਕਮੇਟੀ ’ਚ ਸ਼ਾਮਲ ਵਿਰੋਧੀ ਧਿਰਾਂ ਦੇ 11 ਮੈਂਬਰਾਂ ਨੇ ਸੋਧਾਂ ਦਾ ਵਿਰੋਧ ਕਰਦਿਆਂ ਆਪਣੀ ਅਸਹਿਮਤੀ ਜਤਾਈ ਸੀ। ਮੌਜੂਦਾ ਬਜਟ ਇਜਲਾਸ ਦੌਰਾਨ 655 ਪੰਨਿਆਂ ਦੀ ਰਿਪੋਰਟ ਸੰਸਦ ਦੇ ਦੋਵੇਂ ਸਦਨਾਂ ਹਵਾਲੇ ਕੀਤੀ ਗਈ ਸੀ। ਪੀਟੀਆਈ
The post Waqf bill: ਕਾਂਗਰਸ ਵੱਲੋਂ ਆਪਣੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਵ੍ਹਿਪ ਜਾਰੀ appeared first on Punjabi Tribune.









